ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ ਵਿਚ ਲਗਾਏ ਜਾਣ ਵਾਲੇ ਗੁਰਮਤਿ ਕੈਂਪ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਗੁਰਮਤਿ ਕੈਂਪ ਵਿਚ 25 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ | ਇਹ ਕੈਂਪ 1 ਜੂਨ ਤੋਂ ਸ਼ੁਰੂ ਹੋਣਗੇ ਅਤੇ ਇਨ੍ਹਾਂ ਦੀ ਸਮਾਪਤੀ 20 ਅਤੇ 21 ਜੂਨ ਨੂੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਹੋਵੇਗੀ | ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਨੋਰਥ ਵਿਦਿਆਰਥੀਆਂ ਨੂੰ ਗੁਰਸਿੱਖੀ ਜੀਵਨ ਜਾਂਚ ਤੇ ਗੁਰਮੁਖੀ ਭਾਸ਼ਾ, ਆਪਣੇ ਅਮੀਰ ਵਿਰਸੇ, ਇਤਿਹਾਸ ਤੇ ਗੁਰਮਤਿ ਅਨੁਸਾਰ ਜ਼ਿੰਦਗੀ ਜਿਊਣਾ ਸਿਖਾਉਣਾ ਹੈ | ਉਨ੍ਹਾਂ ਦੱਸਿਆ ਕਿ ਕੌਮੀ ਰਾਜਧਾਨੀ ਦੇ ਨਾਲ-ਨਾਲ ਸਾਨੂੰ ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ ਤੇ ਅਰੁਣਾਚਲ ਪ੍ਰਦੇਸ਼ ਅਤੇ ਪੰਜਾਬ ਤੋਂ ਵੀ ਮੰਗ ਆਈ ਹੈ, ਜਿੱਥੇ ਇਹ ਕੈਂਪ ਲਗਾਏ ਜਾਣਗੇ | ਉਨ੍ਹਾਂ ਦੱਸਿਆ ਕਿ ਹਰ ਸਾਲ ਮਾਪਿਆਂ ਵਿਚ ਕੈਂਪਾਂ ਨੂੰ ਲੈ ਕੇ ਜਾਗਰੂਕਤਾ ਵਧ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਅਸੀਂ ਸਿਰਫ ਕੌਮੀ ਰਾਜਧਾਨੀ ਜਾਂ ਦੇਸ਼ ਦੇ ਸੂਬਿਆਂ 'ਚ ਹੀ ਨਹੀਂ ਬਲਕਿ ਵਿਦੇਸ਼ਾਂ ਤੱਕ ਵੀ ਲੈ ਜਾਣ ਲਈ ਵਚਨਬੱਧ ਹਾਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਬੱਚਿਆਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ |