ਟੋਹਾਣਾ, 30 ਮਈ (ਮਨਜੀਤ ਸਿੰਘ) - ਵਧਦੀ ਮਹਿੰਗਾਈ, ਪੈਟਰੋਲ-ਡੀਜ਼ਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਸ਼ਨੀਵਾਰ ਨੂੰ ਟੋਹਾਣਾ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਮੋਰਚੇ ਦੇ ਸੱਦੇ 'ਤੇ ਟੋਹਾਣਾ ਪੱਕਾ ਮੋਰਚਾ ਵਿਖੇ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਦੀ ਅਗਵਾਈ ਹੇਠ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਮਹਿੰਗਾਈ ਦੀਆਂ ਪ੍ਰਤੀਕਾਤਮਿਕ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ | ਇਸ ਮੌਕੇ ਕਿਸਾਨ ਆਗੂ ਲਾਭ ਸਿੰਘ ਨੇ ਕਿਹਾ ਕਿ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਬਜਾਏ ਕਾਰਪੋਰੇਟ ਘਰਾਣਿਆਂ ਅਤੇ ਵੱਡੇ ਉਦਯੋਗਪਤੀਆਂ ਨੂੰ ਲਾਭ ਪਹੁੰਚਾਉਣ ਵਿੱਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਆਦਮੀ ਦਾ ਜੀਵਨ ਬਹੁਤ ਮੁਸ਼ਕਲ ਹੋ ਗਿਆ ਹੈ ਅਤੇ ਲੋਕ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ 'ਤੇ ਵਾਧੂ ਆਰਥਿਕ ਬੋਝ ਪਾ ਰਹੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਫਰਜ਼ ਲੋਕਾਂ ਨੂੰ ਰਾਹਤ ਦੇਣਾ ਹੈ, ਪਰ ਮੌਜੂਦਾ ਨੀਤੀਆਂ ਕਾਰਨ ਮਹਿੰਗਾਈ ਲਗਾਤਾਰ ਵੱਧ ਰਹੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਤੇਲ ਅਤੇ ਗੈੱਸ ਦੀਆਂ ਕੀਮਤਾਂ ਘਟਾਈਆਂ ਨਹੀਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ | ਦਰੱਖਤ ਕਟਾਈ ਮਾਮਲੇ 'ਤੇ ਵੀ ਸਰਕਾਰ ਨੂੰ ਘੇਰਿਆ ਪ੍ਰਦਰਸ਼ਨ ਦੌਰਾਨ ਟੋਹਾਣਾ ਵਿੱਚ ਸਾਹਮਣੇ ਆਏ ਕਥਿਤ ਗ਼ੈਰ-ਕਾਨੰੂਨੀ ਦਰੱਖਤ ਕਟਾਈ ਮਾਮਲੇ ਨੂੰ ਲੈ ਕੇ ਵੀ ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਘੇਰਿਆ | ਉਨ੍ਹਾਂ ਕਿਹਾ ਕਿ ਇਹ ਮਾਮਲਾ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਇਸ ਵਿੱਚ ਪ੍ਰਸ਼ਾਸਨ, ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਆਰਾ ਮਸ਼ੀਨ ਮਾਲਕਾਂ ਦੀ ਮਿਲੀਭੁਗਤ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਇਸ ਮਾਮਲੇ ਵਿੱਚ ਗ਼ਰੀਬ ਮਜ਼ਦੂਰਾਂ ਨੂੰ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਟੋਹਾਣਾ ਜੰਗਲਾਤ ਵਿਭਾਗ ਦੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਕੇ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਇਹ ਦਰਖਤਾਂ ਦੀ ਕਟਾਈ ਦਾ ਕੋਈ ਛੋਟਾ ਮਾਮਲਾ ਨਹੀਂ, ਸਗੋਂ ਇੱਕ ਵੱਡੇ ਘਪਲੇ ਦੀ ਸ਼ਕਲ ਹੋ ਸਕਦੀ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ | ਕਿਸਾਨ ਆਗੂਆਂ ਨੇ ਸਰਕਾਰ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਬੇਕਸੂਰ ਲੋਕਾਂ ਨੂੰ ਤੰਗ ਨਾ ਕਰਨ ਦੀ ਮੰਗ ਕੀਤੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਸੰਯੁਕਤ ਕਿਸਾਨ ਮੋਰਚਾ ਆਪਣਾ ਸੰਘਰਸ਼ ਹੋਰ ਤੇਜ਼ ਕਰੇਗਾ | ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ |