ਚਾਂਦਪੁਰਾ ਪਿੰਡ ਵਾਸੀਆਂ ਨੇ ਬਿਜਲੀ ਵਿਭਾਗ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਅਜੀਤ ਡੈਸਕ
02-06-2026
ਟੋਹਾਣਾ, 1 ਜੂਨ (ਮਨਜੀਤ ਸਿੰਘ) - ਜਾਖ਼ਲ ਬਲਾਕ ਦੇ ਪਿੰਡ ਚਾਂਦਪੁਰਾ ਵਾਸੀਆਂ ਨੇ ਲੰਬੇ ਸਮੇਂ ਤੋਂ ਚੱਲ ਰਹੀ ਬਿਜਲੀ ਸਮੱਸਿਆ ਤੋਂ ਤੰਗ ਆ ਕੇ ਟੋਹਾਣਾ ਸਥਿਤ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਪਿੰਡ ਵਾਸੀਆਂ ਨੇ ਬਿਜਲੀ ਵਿਭਾਗ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਆਵਾਜ਼ ਬੁਲੰਦ ਕੀਤੀ | ਪ੍ਰਦਰਸ਼ਨ ਕਰ ਰਹੇ ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਸਾਲਾਂ ਤੋਂ ਘੱਟ ਵੋਲਟੇਜ, ਵਾਰ-ਵਾਰ ਬਿਜਲੀ ਕੱਟ ਅਤੇ ਹੋਰ ਤਕਨੀਕੀ ਖ਼ਾਮੀਆਂ ਕਾਰਨ ਭਾਰੀ ਪਰੇਸ਼ਾਨੀ ਝੱਲ ਰਹੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਕਈ ਵਾਰ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ |
ਦੁਖੀ ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਉਹ ਆਪਣੀ ਸਮੱਸਿਆ ਨੂੰ ਲੈ ਕੇ ਹਰਿਆਣਾ ਦੇ ਬਿਜਲੀ ਮੰਤਰੀ ਅਨਿਲ ਵਿਜ ਨਾਲ ਵੀ ਮੁਲਾਕਾਤ ਕਰ ਚੁੱਕੇ ਹਨ, ਪਰ ਇਸ ਦੇ ਬਾਵਜੂਦ ਅਜੇ ਤੱਕ ਕੋਈ ਢੁਕਵੀਂ ਕਾਰਵਾਈ ਨਹੀਂ ਹੋਈ | ਇਸ ਕਾਰਨ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਪਿੰਡ ਦੀ ਬਿਜਲੀ ਸਮੱਸਿਆ ਦਾ ਸਥਾਈ ਹੱਲ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਰਹੇ ਅਤੇ ਉਨ੍ਹਾਂ ਨੇ ਬਿਜਲੀ ਵਿਭਾਗ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ |