ਯਮੁਨਾਨਗਰ, 1 ਜੂਨ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਉਣਾ ਹੈ | ਸਮਾਧਾਨ ਕੈਂਪ ਰਾਹੀਂ ਪ੍ਰਸ਼ਾਸਨਿਕ ਅਧਿਕਾਰੀ ਵੱਖ-ਵੱਖ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ 'ਤੇ ਉਹ ਖੁਦ ਅਤੇ ਪ੍ਰਸ਼ਾਸਨਿਕ ਅਧਿਕਾਰੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਲੋਕਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਲਈ ਉਨ੍ਹਾਂ ਦੇ ਘਰਾਂ ਦੇ ਬੂਹਿਆਂ 'ਤੇ ਸਮਾਧਾਨ ਕੈਂਪ ਲਗਾਉਂਦੇ ਹਨ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇੱਧਰ-ਉੱਧਰ ਨਾ ਭਟਕਣਾ ਪਵੇ | ਡੀ. ਸੀ. ਨੇ ਦੱਸਿਆ ਕਿ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ 'ਚ ਹਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਸਮਾਧਾਨ ਕੈਂਪ ਲਗਾਏ ਜਾ ਰਹੇ ਹਨ ਅਤੇ ਕੈਂਪਾਂ 'ਚ ਜ਼ਿਲ੍ਹੇ ਦੇ ਲੋਕਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪੋ-ਆਪਣੇ ਵਿਭਾਗਾਂ ਨਾਲ ਸੰਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ | ਅੱਜ ਡੀ. ਸੀ. ਪ੍ਰੀਤੀ ਦੀ ਪ੍ਰਧਾਨਗੀ ਹੇਠ ਲਗਾਏ ਗਏ ਸਮਾਧਾਨ ਕੈਂਪ 'ਚ 14 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਨੂੰ ਮੌਕੇ 'ਤੇ ਹੀ ਹੱਲ ਕਰ ਦਿੱਤਾ ਗਿਆ | ਇਸ ਮੌਕੇ ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ, ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ, ਜ਼ੈਡ. ਟੀ. ਓ. ਨਗਰ ਨਿਗਮ ਅਜੈ ਵਾਲੀਆ, ਸੁਪਰਡੈਂਟ ਡੀ. ਸੀ. ਦਫ਼ਤਰ ਅਤੁੱਲ ਸ਼ਰਮਾ, ਸਮਾਧਾਨ ਕੈਂਪ ਦੇ ਵਿਸ਼ੇਸ਼ ਮੈਂਬਰ ਨੀਰਜ ਗੁਪਤਾ ਤੇ ਖਰੈਤੀ ਲਾਲ ਬੱਤਰਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |