ਸਿਰਸਾ, 2 ਜੂਨ (ਭੁਪਿੰਦਰ ਪੰਨੀਵਾਲੀਆ)-ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਡੱਬਵਾਲੀ ਰੋਡ 'ਤੇ ਸਥਿਤ ਸੰਤ ਕਬੀਰ ਵਾਟਿਕਾ 'ਚ ਹੋਈ | ਮੀਟਿੰਗ ਵਿੱਚ ਸੰਗਠਨਾਤਮਕ, ਰਾਜਨੀਤਿਕ ਗਤੀਵਿਧੀਆਂ ਅਤੇ ਰਾਜ ਵਿੱਚ ਵੱਖ-ਵੱਖ ਜਨਤਕ ਹਿੱਤ ਮੁੱਦਿਆਂ 'ਤੇ ਚਰਚਾ ਕੀਤੀ ਗਈ | ਮੀਟਿੰਗ 'ਚ ਪਾਰਟੀ ਦੇ ਸੂਬਾਈ ਪ੍ਰਧਾਨ ਡਾ. ਕਿ੍ਸ਼ਨ ਜਮਾਲਪੁਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂ ਕਿ ਖਜ਼ਾਨਚੀ ਪ੍ਰੇਮ ਸਿੰਘ ਰਾਠੀ ਅਤੇ ਸੂਬਾਈ ਜਨਰਲ ਸਕੱਤਰ ਅਤੇ ਲੋਕ ਸਭਾ ਜ਼ੋਨ ਇੰਚਾਰਜ ਰਾਮ ਸਿੰਘ ਪ੍ਰਜਾਪਤੀ ਵਿਸ਼ੇਸ਼ ਮਹਿਮਾਨ ਵਾਜਰ ਸਨ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਰਾਮਧਨ ਚੌਟਾਲਾ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਡਾ. ਕਿ੍ਸ਼ਨਾ ਜਮਾਲਪੁਰ ਨੇ ਹਰਿਆਣਾ ਵਿੱਚ ਵਿਗੜਦੀ ਕਾਨੂੰਨ ਵਿਵਸਥਾ, ਵਧਦੀ ਮਹਿੰਗਾਈ, ਬੇਰੁਜ਼ਗਾਰੀ, ਸਰਕਾਰੀ ਭਰਤੀ ਵਿੱਚ ਕਥਿਤ ਬੇਨਿਯਮੀਆਂ, ਗਰੀਬਾਂ ਦੇ ਘਰਾਂ 'ਤੇ ਬੁਲਡੋਜ਼ਰ ਕਾਰਵਾਈ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਸਬੰਧਤ ਮੁੱਦਿਆਂ 'ਤੇ ਭਾਜਪਾ ਸਰਕਾਰ ਦੀ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ ਜਦੋਂ ਕਿ ਸਰਕਾਰ ਜਨਤਕ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਰਕਾਰੀ ਭਰਤੀ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਏ, ਰਾਖਵਾਂਕਰਨ ਨੀਤੀ ਦੀ ਸਖ਼ਤੀ ਨਾਲ ਪਾਲਣਾ ਕਰੇ, ਮਹਿੰਗਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰੇ, ਕਿਸਾਨਾਂ ਅਤੇ ਗਰੀਬ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰੇ | ਡਾ. ਜਮਾਲਪੁਰ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਕਾਨੂੰਨ ਵਿਵਸਥਾ, ਰੁਜ਼ਗਾਰ, ਸਿੱਖਿਆ ਅਤੇ ਸਮਾਜਿਕ ਨਿਆਂ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ | ਜੇਕਰ ਸਰਕਾਰ ਨੇ ਜਨਤਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਸਮੇਂ ਸਿਰ ਠੋਸ ਕਦਮ ਨਹੀਂ ਚੁੱਕੇ ਤਾਂ ਬਹੁਜਨ ਸਮਾਜ ਪਾਰਟੀ ਇੱਕ ਲੋਕਤੰਤਰੀ ਜਨ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ | ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ, ਸੰਵਿਧਾਨਕ ਅਧਿਕਾਰਾਂ ਅਤੇ ਬਹੁਜਨ ਸਮਾਜ ਦੇ ਮਾਣ ਲਈ ਲੜਾਈ ਬੇਰੋਕ ਜਾਰੀ ਰਹੇਗੀ |
ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਪੱਧਰੀ ਸੰਗਠਨਾਤਮਕ ਸਮੀਖਿਆ ਮੀਟਿੰਗ ਹੋਈ
ਅਜੀਤ ਡੈਸਕ
03-06-2026