ਟੋਹਾਣਾ, 6 ਜੂਨ (ਮਨਜੀਤ ਸਿੰਘ) - ਚਾਂਦਪੁਰਾ ਪਿੰਡ ਦੀ ਬਿਜਲੀ ਸਮੱਸਿਆ ਨੂੰ ਲੈ ਕੇ ਬਿਜਲੀ ਵਿਭਾਗ ਨਾਲ ਹੋਈ ਮੀਟਿੰਗ ਬੇਨਤੀਜਾ ਰਹਿਣ ਤੋਂ ਬਾਅਦ ਮਾਮਲਾ ਹੋਰ ਗਰਮਾ ਗਿਆ | ਸ਼ੁੱਕਰਵਾਰ ਨੂੰ ਚਾਂਦਪੁਰਾ ਦੇ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਜਾਖਲ ਬਿਜਲੀ ਘਰ ਵਿਖੇ ਧਰਨਾ ਦੇ ਕੇ ਬਿਜਲੀ ਵਿਭਾਗ ਖਿਲਾਫ਼ ਨਾਅਰੇਬਾਜ਼ੀ ਕੀਤੀ | ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪਿੰਡ ਦੀ ਬਿਜਲੀ ਸਮੱਸਿਆ ਲੰਬੇ ਸਮੇਂ ਤੋਂ ਬਰਕਰਾਰ ਹੈ, ਪਰ ਵਿਭਾਗ ਵੱਲੋਂ ਇਸ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ | ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਵਿੱਚ ਆ ਰਹੀਆਂ ਦਿੱਕਤਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਧਰਨੇ ਦੌਰਾਨ ਪਿੰਡ ਵਾਸੀਆਂ ਨੇ ਬਿਜਲੀ ਵਿਭਾਗ ਅਤੇ ਪ੍ਰਸ਼ਾਸਨ ਤੋਂ ਤੁਰੰਤ ਦਖ਼ਲ ਦੇ ਕੇ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ |