ਟੋਹਾਣਾ, 9 ਜੂਨ (ਮਨਜੀਤ ਸਿੰਘ) - ਸੀਨੀਅਰ ਕਾਂਗਰਸੀ ਆਗੂ ਅਤੇ ਟੋਹਾਣਾ ਦੇ ਸਾਬਕਾ ਵਿਧਾਇਕ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰਾਂ ਦੀ ਗਿਣਤੀ ਵਿੱਚ ਕੀਤੀ ਗਈ ਕਟੌਤੀ ਗ਼ਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵਧਾਉਣ ਵਾਲਾ ਫੈਸਲਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਟੋਹਾਣਾ ਦੇ ਸਾਬਕਾ ਵਿਧਾਇਕ ਸ: ਨਿਸ਼ਾਨ ਸਿੰਘ ਨੇ ਕਿਹਾ ਕਿ ਪਹਿਲਾਂ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਸਾਲਾਨਾ 9 ਸਿਲੰਡਰਾਂ 'ਤੇ ਸਬਸਿਡੀ ਦਾ ਲਾਭ ਮਿਲਦਾ ਸੀ, ਪਰ ਹੁਣ ਇਸ ਨੂੰ ਘਟਾ ਕੇ 4 ਸਿਲੰਡਰ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਗ਼ਰੀਬ ਪਰਿਵਾਰਾਂ ਦੇ ਘਰੇਲੂ ਬਜਟ 'ਤੇ ਵਾਧੂ ਬੋਝ ਪਵੇਗਾ ਅਤੇ ਸਰਕਾਰ ਵੱਲੋਂ ਦਿੱਤੀ ਜਾਂਦੀ ਰਾਹਤ ਵਿੱਚ ਵੱਡੀ ਕਮੀ ਆਵੇਗੀ | ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਪਹਿਲਾਂ ਹੀ ਪੈਟਰੋਲ, ਡੀਜ਼ਲ, ਰਸੋਈ ਗੈੱਸ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਵਧਦੀਆਂ ਕੀਮਤਾਂ ਨਾਲ ਜੂਝ ਰਹੀ ਹੈ | ਪੈਟਰੋਲ ਅਤੇ ਡੀਜ਼ਲ ਦੀ ਮਹਿੰਗਾਈ ਕਾਰਨ ਆਵਾਜਾਈ ਖ਼ਰਚੇ ਵਧੇ ਹਨ, ਜਿਸ ਦਾ ਅਸਰ ਰੋਜ਼ਾਨਾ ਵਰਤੋਂ ਦੀ ਹਰ ਵਸਤੂ 'ਤੇ ਪਿਆ ਹੈ | ਅਜਿਹੇ ਸਮੇਂ ਵਿੱਚ ਗੈੱਸ ਸਬਸਿਡੀ ਵਿੱਚ ਕਟੌਤੀ ਕਰਨਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਗੰਭੀਰ ਬਣਾਏਗਾ | ਸਾਬਕਾ ਵਿਧਾਇਕ ਸ: ਨਿਸ਼ਾਨ ਸਿੰਘ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਮਹਿੰਗਾਈ ਨੂੰ ਕਾਬੂ ਕਰਨ ਵਿੱਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਇੱਕ ਪਾਸੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਦੂਜੇ ਪਾਸੇ ਰਸੋਈ ਗੈੱਸ 'ਤੇ ਮਿਲਣ ਵਾਲੀ ਸਬਸਿਡੀ ਘਟਾਈ ਜਾ ਰਹੀ ਹੈ, ਜਿਸ ਦਾ ਸਭ ਤੋਂ ਵੱਧ ਅਸਰ ਗ਼ਰੀਬਾਂ, ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ ਅਤੇ ਮੱਧ ਵਰਗ ਦੇ ਪਰਿਵਾਰਾਂ 'ਤੇ ਪਵੇਗਾ | ਸ: ਨਿਸ਼ਾਨ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਗ਼ਰੀਬਾਂ ਦੀ ਭਲਾਈ ਦੇ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਹਕੀਕਤ ਵਿੱਚ ਲੋਕ ਭਲਾਈ ਯੋਜਨਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉੱਜਵਲਾ ਯੋਜਨਾ ਰਾਹੀਂ ਲੱਖਾਂ ਅÏਰਤਾਂ ਨੂੰ ਲਾਭ ਪਹੁੰਚਾਉਣ ਦੇ ਦਾਅਵੇ ਕੀਤੇ ਗਏ ਸਨ ਪਰ ਸਬਸਿਡੀ ਵਿੱਚ ਕਟੌਤੀ ਨਾਲ ਇਹ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਪਹਿਲਾਂ ਵਾਂਗ ਹੀ ਢੁਕਵੀਂ ਸਬਸਿਡੀ ਦਿੱਤੀ ਜਾਵੇ ਅਤੇ ਪੈਟਰੋਲ, ਡੀਜ਼ਲ ਤੇ ਰਸੋਈ ਗੈੱਸ ਦੀਆਂ ਵਧਦੀਆਂ ਕੀਮਤਾਂ ਨੂੰ ਘਟਾ ਕੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜਨਤਾ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਹੈ ਅਤੇ ਅਜਿਹੇ ਫ਼ੈਸਲੇ ਗ਼ਰੀਬਾਂ ਅਤੇ ਮੱਧ ਵਰਗ ਨਾਲ ਬੇਇਨਸਾਫ਼ੀ ਹਨ | ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਲਈ ਆਪਣੀ ਆਵਾਜ਼ ਉਠਾਉਂਦੀ ਰਹੇਗੀ |