ਯਮੁਨਾਨਗਰ, 13 ਜੂਨ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਸਰਕਾਰ ਵਲੋਂ ਅੱਠਵੀਂ ਜਮਾਤ ਦੇ ਪਾਠਕ੍ਰਮ 'ਚ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ, ਉਪਦੇਸ਼ਾਂ ਅਤੇ ਕੁਰਬਾਨੀਆਂ ਨਾਲ ਸੰਬੰਧਿਤ ਇਕ ਵਿਸ਼ੇਸ਼ ਅਧਿਆਏ ਨੂੰ ਸ਼ਾਮਿਲ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਡਾ. ਅਰਵਿੰਦਰ ਸਿੰਘ ਭੱਲਾ ਪਿ੍ੰ. ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਨੇ ਇਸ ਨੂੰ ਵਿਦਿਆਰਥੀਆਂ ਨੂੰ ਭਾਰਤ ਦੀ ਮਹਾਨ ਆਧਿਆਤਮਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਵੱਲ ਪੁੱਟਿਆ ਗਿਆ ਇਕ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ | ਡਾ. ਭੱਲਾ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਕੇਵਲ ਧਾਰਮਿਕ ਖੇਤਰ 'ਚ ਹੀ ਨਹੀਂ, ਸਗੋਂ ਸਮਾਜਿਕ, ਸੱਭਿਆਚਾਰਕ ਅਤੇ ਰਾਸ਼ਟਰੀ ਜੀਵਨ ਦੇ ਨਿਰਮਾਣ 'ਚ ਵੀ ਅਹਿਮ ਯੋਗਦਾਨ ਪਾਇਆ ਹੈ | ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤਾ ਗਿਆ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਮਹਾਨ ਕੁਰਬਾਨੀਆਂ ਭਾਰਤੀ ਇਤਿਹਾਸ ਦੀ ਅਣਮੋਲ ਧ੍ਰੋਹਰ ਹਨ | ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਸੰਘਰਸ਼ ਵੀ ਨਿਆਂ, ਬਹਾਦਰੀ ਅਤੇ ਲੋਕ ਭਲਾਈ ਦੇ ਉੱਚ ਆਦਰਸ਼ਾਂ ਦਾ ਪ੍ਰਤੀਕ ਹੈ | ਡਾ. ਭੱਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਿੱਖਿਆ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਠਕ੍ਰਮ 'ਚ ਸਿੱਖ ਇਤਿਹਾਸ ਨੂੰ ਯੋਗ ਸਥਾਨ ਦੇਣਾ ਇਤਿਹਾਸਕ ਤੱਥਾਂ ਦੀ ਸੰਤੁਲਿਤ ਪੇਸ਼ਕਾਰੀ ਵੱਲ ਪੁੱਟਿਆ ਗਿਆ ਇਕ ਮਹੱਤਵਪੂਰਨ ਕਦਮ ਹੈ | ਇਹ ਫ਼ੈਸਲਾ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸ਼ਖਸੀਅਤਾਂ ਦੇ ਜੀਵਨ ਨਾਲ ਜੋੜਨ ਦੇ ਨਾਲ-ਨਾਲ ਸਮਾਜ 'ਚ ਆਪਸੀ ਸਤਿਕਾਰ, ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰੇਗਾ |