ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਇਤਰਾਜ਼ਯੋਗ ਵੀਡੀਓ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਵਲੋਂ ਗੁਰੂ ਦੋਖੀ ਐਲਾਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਜਨਤਕ ਤੌਰ ‘ਤੇ ਆਪਣੀ ਗ਼ਲਤੀ ਮੰਨ ਲੈਣੀ ਚਾਹੀਦੀ ਹੈ ਕਿਉਂਕਿ ਮਾਨਤਾ ਪ੍ਰਾਪਤ 2 ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਵਿਚ ਉਸ ਇਤਰਾਜ਼ਯੋਗ ਵੀਡੀਓ ਦੇ ਅਸਲੀ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਜੀਤ ਸਿੰਘ ‘ਵੀਰਜੀ’ (ਚੇਅਰਮੈਨ ਗੁਰਬਾਣੀ ਰਿਸਰਚ ਫਾਊਂਡੇਸ਼ਨ) ਨੇ ਕਰਦਿਆਂ ਕਿਹਾ ਕਿ ਫੋਰੈਂਸਿਕ ਲੈਬਾਂ ਤੋਂ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਤੋਂ ਬਾਅਦ ਭਗਵੰਤ ਮਾਨ ਨੂੰ ਸ਼੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਆਪਣਾ ਗੁਨਾਹ ਕਬੂਲ ਕਰ ਲੈਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਸਰਵਉੱਚ ਹਨ ਅਤੇ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਸੁਪਰੀਮ ਅਥਾਰਿਟੀ ਦੇ ਫ਼ੈਸਲਿਆਂ ਦਾ ਸਤਿਕਾਰ ਕਰੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦੇ ਮੱਦੇਨਜ਼ਰ, ਗੁਰੂ ਦੋਖੀ ਭਗਵੰਤ ਮਾਨ ਦਾ ਮੁਕੰਮਲ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਗਤ ਨੂੰ ਇਕਜੁੱਟ ਹੋ ਕੇ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਅਤੇ ਆਪਣੀ ਸਾਂਝੀ ਤਾਕਤ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ ।