ਕਰਨਾਲ , 24 ਜੂਨ (ਗੁਰਮੀਤ ਸਿੰਘ ਸੱਗੂ)-ਕੁਰੂਕਸ਼ੇਤਰ ਵਿਖੇ ਸੁਸ਼ੋਭਿਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਬੁੱਧਵਾਰ ਨੂੰ ਸੱਤ ਦਿਨਾਂ ਧਾਰਮਿਕ ਸਮਾਗਮ ਦਾ ਸ਼ੁਭ ਆਰੰਭ ਹੋਇਆ। ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਮਾਗਮ ਦੀ ਸ਼ੁਰੂਆਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਨਾਲ ਹੋਈ। ਇਸ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਹਿਲੀ ਲੜੀ ਦੇ ਆਰੰਭ ਮੌਕੇ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਸਮਾਗਮ ’ਚ ਪਹੁੰਚੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਸਥਾ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ’ਚ ਕੁਰੂਕਸ਼ੇਤਰ ਦੀ ਸੰਗਤ ਦੇ ਨਾਲ-ਨਾਲ ਦੇਸ਼ ਦੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਨਤਮਸਤਕ ਹੋਣ ਪਹੁੰਚਦੀ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਮਾਗਮ ’ਚ ਵੱਡੀ ਗਿਣਤੀ ਵਿਚ ਪਹੁੰਚਣ ਵਾਲੀ ਸੰਗਤ ਨੂੰ ਪ੍ਰਬੰਧਕਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਮੈਂਬਰ ਬੀਬੀ ਜਸਬੀਰ ਕੌਰ ਮਸਾਣਾ ਤੇ ਇੰਦਰਜੀਤ ਸਿੰਘ ਨੇ ਦੱਸਿਆ ਕਿ 29 ਜੂਨ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਕਤ ਸਮਾਗਮ ’ਚ ਵੱਖ-ਵੱਖ ਸੰਸਥਾਵਾਂ ਵਲੋਂ ਮੈਡੀਕਲ ਕੈਂਪ ਵੀ ਲਗਾਏ ਗਏ ਹਨ, ਜਿਥੇ ਜਾਂਚ ਤੋਂ ਬਾਅਦ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਬੀਬੀ ਕਰਤਾਰ ਕੌਰ ਤੇ ਸੁਖਜਿੰਦਰ ਸਿੰਘ ਮਸਾਣਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ। ਇਸ ਸਮਾਗਮ ਦੇ ਸ਼ੁਭ ਆਰੰਭ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੁੱਖ ਸਕੱਤਰ ਜਸਵਿੰਦਰ ਸਿੰਘ ਦੀਨਪੁਰ, ਐਡੀਸ਼ਨਲ ਸਕੱਤਰ ਰਾਜਪਾਲ ਸਿੰਘ ਦੁਨੀਆ ਮਾਜਰਾ, ਪ੍ਰਧਾਨ ਸਾਹਿਬ ਦੇ ਨਿੱਜੀ ਸਕੱਤਰ ਸ਼ਮਸ਼ੇਰ ਸਿੰਘ, ਐਡੀਸ਼ਨਲ ਸਕੱਤਰ ਨਰਿੰਦਰ ਸਿੰਘ, ਐਡੀਸ਼ਨਲ ਸਕੱਤਰ ਸਤਪਾਲ ਸਿੰਘ ਡਾਚਰ, ਉਪ ਸਕੱਤਰ ਅਮਰਿੰਦਰ ਸਿੰਘ, ਮੇਲਾ ਪ੍ਰਬੰਧਕ ਅਤੇ ਫਲਾਇੰਗ ਵਿਭਾਗ ਇੰਚਾਰਜ ਜੱਜ ਸਿੰਘ, ਮੈਨੇਜਰ ਹਰਮੀਤ ਸਿੰਘ, ਸਹਾਇਕ ਸੁਪਰਵਾਈਜ਼ਰ ਰਘੁਵੀਰ ਸਿੰਘ, ਸੁਖਵਿੰਦਰ ਸਿੰਘ ਸਮੇਤ ਹੋਰ ਸਟਾਫ ਨੇ ਵੀ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਚਰਨਾਂ ’ਚ ਸੀਸ ਨਿਵਾਇਆ।