ਫ਼ਤਿਹਾਬਾਦ, 30 ਜੂਨ (ਹਰਬੰਸ ਸਿੰਘ ਮੰਡੇਰ)- ਬੇਸਹਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਬਣਾਈਆਂ ਗਈਆਂ ਵੱਖ-ਵੱਖ ਜ਼ਿਲ੍ਹਾ ਪੱਧਰੀ ਕਮੇਟੀਆਂ ਦੀ ਮੀਟਿੰਗ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ’ਚ ਸੁਪਰੀਮ ਕੋਰਟ ਅਤੇ ਹਰਿਆਣਾ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਸਥਾਨਕ ਪਸ਼ੂ ਜਨਮ ਨਿਯੰਤਰਨ ਨਿਗਰਾਨੀ ਕਮੇਟੀ ਸੰਯੁਕਤ ਟਾਸਕ ਫੋਰਸ ਅਤੇ ਜ਼ਿਲ੍ਹਾ ਨਿਗਰਾਨੀ ਕਮੇਟੀ ਦੇ ਕਾਰਜਾਂ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਜ਼ਿਲ੍ਹਾ ਕੁਲੈਕਟਰ ਪ੍ਰਵੀਨ ਕੁਮਾਰ ਨੇ ਅਧਿਕਾਰੀਆਂ ਨੂੰ ਬੇਸਹਾਰਾ ਪਸ਼ੂਆਂ/ਕੁੱਤਿਆਂ ਦੇ ਪ੍ਰਬੰਧਨ ਨਾਲ ਸਬੰਧਿਤ ਸਾਰੀਆਂ ਗਤੀਵਿਧੀਆਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਉਣ ਅਤੇ ਸਮੇਂ ਸਿਰ ਵਿਭਾਗ-ਵਾਰ ਪ੍ਰਗਤੀ ਰਿਪੋਰਟਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਨਾਮਜ਼ਦ ਨੋਡਲ ਅਫ਼ਸਰਾਂ ਨੂੰ ਕਿਹਾ ਗਿਆ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿਚ ਅਦਾਲਤ ਅਤੇ ਸਰਕਾਰ ਦੀਆਂ ਹਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ, ਵਿਭਾਗੀ ਰਿਪੋਰਟਾਂ ਨੂੰ ਸਮੇਂ ਸਿਰ ਅਤੇ ਨਿਰਧਾਰਿਤ ਢੰਗ ਨਾਲ ਤਿਆਰ ਕਰਨ ਅਤੇ ਤਸਦੀਕ ਕਰਨ ਅਤੇ ਇਸ ਵਿਸ਼ੇ ਨਾਲ ਸਬੰਧਿਤ ਸਾਰੇ ਮਾਮਲਿਆਂ ਵਿੱਚ ਤਾਲਮੇਲ ਸਥਾਪਤ ਕਰ ਕੇ ਕਾਰਵਾਈ ਕਰਨ।
ਬੇਸਹਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਦੀ ਮੀਟਿੰਗ
ਅਜੀਤ ਡੈਸਕ
01-07-2026