ਟੋਹਾਣਾ, 2 ਜੁਲਾਈ (ਮਨਜੀਤ ਸਿੰਘ)- ਹਰਿਆਣਾ ਸਰਕਾਰ ਵੱਲੋਂ ਪਹਿਲਾਂ ਮੰਨੀਆਂ ਗਈਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਜਾਖਲ ਨਗਰ ਪਾਲਿਕਾ ਦੇ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸਫ਼ਾਈ ਕਰਮਚਾਰੀ ਨਗਰ ਪਾਲਿਕਾ ਦਫ਼ਤਰ ਵਿੱਚ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਕਰਮਚਾਰੀਆਂ ਨੇ ਹੱਥਾਂ ਵਿੱਚ ਉਲਟੇ ਝਾੜੂ ਫੜ ਕੇ ਜਾਖਲ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨਕਾਰੀ ਕਰਮਚਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਨੇ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਸਵੀਕਾਰ ਕਰ ਲਈਆਂ ਸਨ, ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਇਸ ਕਾਰਨ ਸਫ਼ਾਈ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।