ਸਿਰਸਾ, 2 ਜੁਲਾਈ (ਭੁਪਿੰਦਰ ਪੰਨੀਵਾਲੀਆ)- ਬਕਾਇਆ ਤਨਖਾਹ ਤੇ ਹੋਰ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਅੱਜ ਬੀਡੀਪੀਓ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਆਂਗਣਵਾੜੀ ਵਰਕਰਾਂ ਨੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ। ਪ੍ਰਦਰਸ਼ਨਕਾਰੀ ਵਰਕਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪਿਛਲੇ ਅੱਠ ਮਹੀਨਿਆਂ ਤੋਂ ਮਾਣਭੱਤਾ ਨਹੀਂ ਮਿਲੀਆ ਤੇ ਨਾ ਹੀ ਉਨ੍ਹਾਂ ਨੂੰ ਕੇਂਦਰਾਂ ਦਾ ਕਿਰਾਇਆ ਦਿੱਤਾ ਗਿਆ ਹੈ। ਆਂਗਣਵਾੜੀ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਪ੍ਰੋਮਿਲਾ ਨੇ ਕਿਹਾ ਕਿ ਉਨ੍ਹਾਂ ਦੀਆਂ ਤਨਖਾਹਾਂ ਹਰਿਆਣਾ ਅਤੇ ਕੇਂਦਰ ਸਰਕਾਰਾਂ ਤੋਂ ਆਉਂਦੀਆਂ ਹਨ। ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ ਅਤੇ ਨਾ ਹੀ ਆਂਗਣਵਾੜੀ ਕੇਂਦਰਾਂ ਦਾ ਇੱਕ ਸਾਲ ਤੋਂ ਕਿਰਾਇਆ ਦਿੱਤਾ ਗਿਆ ਹੈ। ਕਿਰਾਏ ਦੀ ਅਦਾਇਗੀ ਨਾ ਹੋਣ ਕਾਰਨ ਮਕਾਨ ਮਾਲਕਾਂ ਨੇ ਕੇਂਦਰਾਂ ਨੂੰ ਤਾਲੇ ਲਗਾ ਦਿੱਤੇ ਹਨ ਅਤੇ ਉਨ੍ਹਾਂ ਨੂੰ ਆਪਣਾ ਸਮਾਨ ਨਹੀਂ ਲਿਜਾਣ ਦੇ ਰਹੇ ਹਨ। ਕਈ ਆਂਗਣਵਾੜੀ ਸੈਂਟਰਾਂ ਵਿੱਚ ਪਖਾਨੇ ਨਹੀਂ ਹਨ। ਸਹਾਇਕਾਂ ਨੂੰ ਟੀਏ/ਡੀਏ ਦੇਣ ਵਿੱਚ ਵੀ ਵਿਤਕਰਾ ਕੀਤਾ ਜਾ ਰਿਹਾ ਹੈ। ਪ੍ਰੋਮਿਲਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਇਸ ਭਿਆਨਕ ਗਰਮੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਈ ਕੇਂਦਰਾਂ ’ਚ ਸਿਲੰਡਰ ਨਹੀਂ ਭਰੇ ਜਾ ਰਹੇ ਤੇ ਨਾ ਹੀ ਬੱਚਿਆਂ ਦੇ ਖਾਣੇ ਲਈ ਭਾਂਡੇ ਹਨ। ਪ੍ਰਦਰਸ਼ਨ ਕਰ ਰਹੀਆਂ ਆਂਗਣਵਾੜੀ ਵਰਕਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਸੰਘਰਸ਼ ਨੂੰ ਉਦੋਂ ਤੱਕ ਜਾਰੀ ਰੱਖਣਗੀਆਂ ਜਦੋਂ ਤੱਕ ਕੇਂਦਰ ਦਾ ਕਿਰਾਇਆ ਅਤੇ ਉਨ੍ਹਾਂ ਦੀਆਂ ਤਨਖਾਹਾਂ ਦਾ ਭੁਗਤਾਨ ਨਹੀਂ ਕੀਤਾ ਜਾਂਦਾ। ਇਸ ਮੌਕੇ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਤੇ ਹੈਲਪਰ ਮੌਜੂਦ ਸਨ।