ਸਿਰਸਾ, 17 ਜੁਲਾਈ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਸੱਦੇ ’ਤੇ, ਭਾਰਤੀ ਕਿਸਾਨ ਏਕਤਾ (ਬੀਕੇਈ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਰਿਆਣਾ ਫੇਰੀ ਦਾ ਵਿਰੋਧ ਕਰਦਿਆਂ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਰੀਕੇਈ ਦੇ ਆਗੂ ਗੁਰਪ੍ਰੀਤ ਸਿੰਘ ਸੰਧੂ ਮੋਰੀਵਾਲਾ ਨੇ ਕੀਤੀ। ਇਸ ਮੌਕੇ ਬੋਲਦਿਆਂ ਗੁਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਸਮੇਤ ਕਈ ਦੇਸ਼ਾਂ ਨਾਲ ਕੀਤੇ ਜਾ ਰਹੇ ਜਾਂ ਪ੍ਰਸਤਾਵਿਤ ਮੁਕਤ ਵਪਾਰ ਸਮਝੌਤ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ, ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ, ਮਧੂ-ਮੱਖੀ ਪਾਲਣ ਅਤੇ ਸਾਰੇ ਖੇਤੀਬਾੜੀ-ਅਧਾਰਤ ਕਾਰੋਬਾਰਾਂ ਦੇ ਹਿੱਤਾਂ ਦੇ ਵਿਰੁੱਧ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਅਤੇ ਖੇਤੀਬਾੜੀ ਮਾਹਿਰਾਂ ਦੇ ਲਗਾਤਾਰ ਵਿਰੋਧ ਦੇ ਬਾਵਜੂਦ, ਸਰਕਾਰ ਇਨ੍ਹਾਂ ਸਮਝੌਤਿਆਂ ਨੂੰ ਅੱਗੇ ਵਧਾ ਰਹੀ ਹੈ ਜੋ ਦੇਸ਼ ਦੇ ਖੇਤੀਬਾੜੀ ਖੇਤਰ ਨੂੰ ਗੰਭੀਰਤਾ ਨਾਲ ਖ਼ਤਰਾ ਪੈਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦੇਸ਼ੀ ਖੇਤੀਬਾੜੀ ਉਤਪਾਦਾਂ ਦੀ ਡਿਊਟੀ-ਮੁਕਤ ਦਰਾਮਦ ਵਧਦੀ ਹੈ ਤਾਂ ਭਾਰਤੀ ਕਿਸਾਨਾਂ ਲਈ ਆਪਣੀਆਂ ਫਸਲਾਂ ਲਈ ਉਚਿਤ ਕੀਮਤਾਂ ਪ੍ਰਾਪਤ ਕਰਨਾ ਹੋਰ ਵੀ ਮੁਸ਼ਕਲ ਹੋ ਜਾਵੇਗਾ ਤੇ ਖੇਤੀਬਾੜੀ ’ਤੇ ਨਿਰਭਰ ਲੱਖਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਅਜਿਹਾ ਕੋਈ ਵੀ ਸਮਝੌਤਾ ਕਰਨ ਤੋਂ ਪਹਿਲਾਂ ਕਿਸਾਨ ਸੰਗਠਨਾਂ, ਖੇਤੀਬਾੜੀ ਮਾਹਿਰਾਂ ਅਤੇ ਸਾਰੇ ਹਿੱਸੇਦਾਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ। ਬੀਕੇਈ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਰਿਆਣਾ ਫੇਰੀ ਦੇ ਮੌਕੇ ’ਤੇ ਪੁਤਲਾ ਸਾੜ ਕੇ ਕਿਸਾਨਾਂ ਦਾ ਗੁੱਸਾ ਅਤੇ ਵਿਰੋਧ ਦਰਜ ਕੀਤਾ ਗਿਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨ ਵਿਰੋਧੀ ਨੀਤੀਆਂ ਅਤੇ ਮੁਕਤ ਵਪਾਰ ਸਮਝੌਤੇ ਵਾਪਸ ਨਹੀਂ ਲਏ ਗੲ ਤਾਂ ਅੰਦੋਲਨ ਨੂੰ ਪੂਰੇ ਹਰਿਆਣਾ ਅਤੇ ਦੇਸ਼ ਭਰ ਵਿੱਚ ਫੈਲਾਇਆ ਜਾਵੇਗਾ। ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਦੀ ਮੰਗ ਕੀਤੀ। ਇਸ ਮੌਕੇ ਗੁਰਜੀਤ ਸਿੰਘ ਮਾਨ, ਰਾਜੂ ਫੂਲਕਾਂ, ਅਮਰੀਕ ਸਿੰਘ ਬਾਜਵਾ, ਤ੍ਰਿਲੋਕ ਸਿੰਘ, ਰਾਜ ਕੰਬੋਜ, ਗੁਰਵਿੰਦਰ ਸਿੰਘ, ਪਰਵਿੰਦਰ ਸਿੰਘ, ਬਲਦੇਵ ਸਿੰਘ ਭੱਟੀ, ਸ਼ਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਸੰਧੂ, ਸਾਹਿਬ ਸਿੰਘ ਭੱਟੀ, ਸੰਤੋਖ ਸਿੰਘ ਮਹੰਤ, ਬਲਜਿੰਦਰ, ਬਾਬਾ ਤਾਰਾ ਸਿੰਘ, ਜਸਮੇਰ ਭੱਟੀ ਸਮੇਤ ਕਈ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ।