ਟੋਹਾਣਾ, 24 ਜੁਲਾਈ (ਮਨਜੀਤ ਸਿੰਘ)-ਦਿੱਲੀ ਦੇ ਜੰਤਰ-ਮੰਤਰ ਵਿਖੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਮਰਥਨ ਵਿੱਚ ਪਹੁੰਚੀਆਂ ਕਿਸਾਨ ਜਥੇਬੰਦੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੇ ਵਿਰੋਧ ਵਿੱਚ ਅੱਜ ਟੋਹਾਣਾ ਦੇ ਅੰਬੇਡਕਰ ਚੌਂਕ ਵਿਖੇ ਕਿਸਾਨ ਜਥੇਬੰਦੀਆਂ, ਮਜ਼ਦੂਰ ਸੰਗਠਨਾਂ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਦੇਸ਼ ਵਿੱਚ ਲਗਾਤਾਰ ਪੇਪਰ ਲੀਕ ਹੋਣ ਕਾਰਨ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਹੈ, ਪਰ ਸਰਕਾਰ ਇਸ ਸਮੱਸਿਆ ਦਾ ਸਥਾਈ ਹੱਲ ਕੱਢਣ ਦੀ ਬਜਾਏ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ‘ਤੇ ਲਾਠੀਚਾਰਜ ਕਰਵਾ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀ ਪੇਪਰ ਲੀਕ ਦੇ ਮਾਮਲਿਆਂ ਦੀ ਨਿਰਪੱਖ ਜਾਂਚ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਇਸ ਤਰ੍ਹਾਂ ਦੀ ਪੁਲਿਸ ਕਾਰਵਾਈ ਲੋਕਤੰਤਰੀ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਪੇਪਰ ਲੀਕ ਦੇ ਸਾਰੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਵਿਦਿਆਰਥੀਆਂ ‘ਤੇ ਦਰਜ ਕੇਸ ਵਾਪਸ ਲਏ ਜਾਣ ਅਤੇ ਜੰਤਰ-ਮੰਤਰ ਵਿਖੇ ਹੋਈ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਨੌਜਵਾਨਾਂ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਕਾਰਕੁਨ ਹਾਜ਼ਰ ਸਨ।