ਸ਼ਹੀਦ ਭਗਤ ਸਿੰਘ ਸਟੇਡੀਅਮ ’ ਚ ਮਨਾਇਆ ਜ਼ਿਲ੍ਹਾ ਪੱਧਰੀ ਸੁਤਰੰਤਤਾ ਦਿਵਸ
ਕਾਲਾਂਵਾਲੀ/ਸਿਰਸਾ, 16 ਅਗਸਤ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਧੂਮਧਾਮ ਨਾਲ ਮਨਾਇਆ। ਮੁੱਖ ਮਹਿਮਾਨ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਨੂੰ ਸਲਾਮੀ ਦਿੱਤੀ।
ਕਾਲਾਂਵਾਲੀ/ਸਿਰਸਾ, 16 ਅਗਸਤ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਧੂਮਧਾਮ ਨਾਲ ਮਨਾਇਆ। ਮੁੱਖ ਮਹਿਮਾਨ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਨੂੰ ਸਲਾਮੀ ਦਿੱਤੀ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਮਿੰਨੀ ਸਕੱਤਰੇਤ ਵਿਖੇ ਸ਼ਹੀਦਾਂ ਦੇ ਸਮਾਰਕ ਤੇ ਆਜ਼ਾਦੀ ਘੁਲਾਟੀਆਂ ਦੇ ਸਮਾਰਕ ’ਤੇ ਫੁੱਲਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮਹਿਮਾਨ ਨੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਤਿਕਾਰ ਵਜੋਂ ਸ਼ਾਲ ਭੇਟ ਕੀਤੇ। ਸਮਾਗਮ ਦੌਰਾਨ ਸ਼ਾਨਦਾਰ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਨਾਗਰਿਕਾਂ ਅਤੇ ਸਮਾਜਿਕ ਸੰਗਠਨਾਂ ਨੂੰ ਸਨਮਾਨਿਤ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਜਿਨ੍ਹਾਂ ’ਤੇ ਸਾਡੇ ਸੰਵਿਧਾਨ ਦੇ ਸੰਸਥਾਪਕਾਂ ਨੇ ਲੋਕਤੰਤਰ ਦੀ ਮਜ਼ਬੂਤ ਨੀਂਹ ਰੱਖੀ ਸੀ ਉਹ ਇਸ ਸਮੇਂ ਹੋਰ ਵੀ ਮਜ਼ਬੂਤ ਹੋਈਆਂ ਹਨ। ਵਿਭਿੰਨਤਾ ਵਿੱਚ ਏਕਤਾ, ਲੋਕਤੰਤਰੀ ਕਦਰਾਂ-ਕੀਮਤਾਂ ਤੇ ਸੰਵਿਧਾਨ ਵਿਚ ਅਟੁੱਟ ਵਿਸ਼ਵਾਸ ਨੇ ਭਾਰਤ ਨੂੰ ਦੁਨੀਆ ਦੇ ਸਭ ਤੋਂ ਵੱਡੇ ਤੇ ਸਭ ਤੋਂ ਮਜ਼ਬੂਤ ਲੋਕਤੰਤਰ ਵਜੋਂ ਸਥਾਪਿਤ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿ ਕਿਸਾਨਾਂ ਲਈ ਕਈ ਭਲਾਈ ਲਈ ਨੀਤੀਆਂ ਸ਼ੁਰੂ ਕੀਤੀਆਂ ਗਈਆਂ ਹਨ। ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਸਾਰੀਆਂ 24 ਫਸਲਾਂ -ਕਣਕ, ਸਰ੍ਹੋਂ, ਸੂਰਜਮੁਖੀ, ਦਾਲ, ਝੋਨਾ, ਜਵਾਰ, ਬਾਜਰਾ, ਗੰਨਾ, ਕਪਾਹ ਆਦਿ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਿਆ ਹੈ। ਇਸੇ ਤਰ੍ਹਾਂ ਹਰਿਆਣਾ ਸਰਕਾਰ ਨੇ ਟਮਾਟਰ ਅਤੇ ਪਿਆਜ਼ ਤੋਂ ਲੈ ਕੇ ਲੀਚੀ ਅਤੇ ਸ਼ਹਿਦ ਤੱਕ 22 ਸਬਜ਼ੀਆਂ ਅਤੇ ਫਲਾਂ ਨੂੰ ਕੀਮਤ ਅੰਤਰ ਮੁਆਵਜ਼ਾ ਯੋਜਨਾ ਵਿੱਚ ਸ਼ਾਮਲ ਕੀਤਾ ਹੈ। ਇਸ ਦੌਰਾਨ ਵੱਖ ਟੀਮਾਂ ਨੇ ਪਰੇਡ ਅਤੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦਾ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਸਮਾਗਮ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਨਾਲ ਜੁੜੇ ਲੋਕ ਮੌਜੂਦ ਸਨ।