ਅਧਿਕਾਰੀਆਂ ਦੇ ਭਰੋਸੇ ਮਗਰੋਂ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਮੁਲਤਵੀ
ਸਿਰਸਾ, 25 ਅਗਸਤ (ਭੁਪਿੰਦਰ ਪੰਨੀਵਾਲੀਆ)- ਪਿਛਲੇ ਇੱਕ ਹਫ਼ਤੇ ਤੋਂ ਟੇਲਾਂ ਤੱਕ ਪਾਣੀ ਦੀ ਮੰਗ ਨੂੰ ਲੈ ਕੇ ਨਾਥੂਸਰੀ ਚੌਪਟਾ ’ਚ ਕਿਸਾਨਾਂ ਨੇ ਅਧਿਕਾਰੀਆਂ ਦੇ ਭਰੋਸੇ ਮਗਰੋਂ ਆਪਣਾ ਧਰਨਾ ਮੁਲਤਵੀ ਕਰ ਦਿੱਤਾ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਲਦੀ ਕਿਸਾਨਾਂ ਨੂੰ ਟੇਲਾਂ ਤੱਕ ਨਹਿਰੀ ਪਾਣੀ ਨਹੀਂ ਮਿਲਿਆ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ।
ਸਿਰਸਾ, 25 ਅਗਸਤ (ਭੁਪਿੰਦਰ ਪੰਨੀਵਾਲੀਆ)- ਪਿਛਲੇ ਇੱਕ ਹਫ਼ਤੇ ਤੋਂ ਟੇਲਾਂ ਤੱਕ ਪਾਣੀ ਦੀ ਮੰਗ ਨੂੰ ਲੈ ਕੇ ਨਾਥੂਸਰੀ ਚੌਪਟਾ ’ਚ ਕਿਸਾਨਾਂ ਨੇ ਅਧਿਕਾਰੀਆਂ ਦੇ ਭਰੋਸੇ ਮਗਰੋਂ ਆਪਣਾ ਧਰਨਾ ਮੁਲਤਵੀ ਕਰ ਦਿੱਤਾ ਹੈ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਲਦੀ ਕਿਸਾਨਾਂ ਨੂੰ ਟੇਲਾਂ ਤੱਕ ਨਹਿਰੀ ਪਾਣੀ ਨਹੀਂ ਮਿਲਿਆ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ। ਨਾਥੂਸਰੀ ਚੌਪਟਾ ਖੇਤਰ ਦੇ ਨਹਿਰਾਣਾ ਹੈੱਡ ’ਤੇ ਜਮਾਲ ਅਤੇ ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਵੱਲੋਂ ਅਣਮਿੱਥੇ ਸਮੇਂ ਲਈ ਦਿੱਤਾ ਜਾ ਰਿਹਾ ਧਰਨਾ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦੇ ਭਰੋਸੇ ਮਗਰੋਂ ਮੁਲਤਵੀ ਕਰ ਦਿੱਤਾ ਗਿਆ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੇਨੀਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਸਿੰਚਾਈ ਤੇ ਪੀਣ ਦੇ ਪਾਣੀ ਦੀ ਮੰਗ ਨੂੰ ਲੈ ਕੇ ਧਰਨਾ ਲਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਸੰਤੋਸ਼ ਬੇਨੀਵਾਲ ਨੇ ਹਰਿਆਣਾ ਸਰਕਾਰ ਅਤੇ ਸਿੰਚਾਈ ਵਿਭਾਗ ਦੇ ਕੰਮਕਾਜ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪਾਣੀ ਕਿਸਾਨਾਂ ਦਾ ਹੱਕ ਹੈ ਜੋ ਉਨ੍ਹਾਂ ਨੂੰ ਮਿਲ ਨਹੀਂ ਰਿਹਾ। ਇਹ ਬਹੁਤ ਹੀ ਮੰਦਭਾਗਾ ਅਤੇ ਚਿੰਤਾਜਨਕ ਹੈ ਕਿ ਅਗਸਤ ਦੀ ਇਸ ਭਿਆਨਕ ਗਰਮੀ ਵਿੱਚ ਜਮਾਲ ਅਤੇ ਕੁਤਿਆਣਾ ਮਾਈਨਰ ’ਚ ਟੇਲਾਂ ਤੱਕ ਪੀਣ ਵਾਲਾ ਪਾਣੀ ਨਹੀਂ ਪਹੁੰਚ ਰਿਹਾ ਤੇ ਲੋਕਾਂ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਤੁਰੰਤ ਕੁਤਿਆਣਾ ਅਤੇ ਜਮਾਲ ਮਾਈਨਰ ਨੂੰ ਸਾਫ਼ ਨਹੀਂ ਕੀਤਾ ਜਾਂਦਾ ਤੇ ਟੇਲਾਂ ਤੱਕ ਢੁਕਵੀਂ ਪਾਣੀ ਦੀ ਸਪਲਾਈ ਯਕੀਨੀ ਨਹੀਂ ਬਣਾਈ ਜਾਂਦੀ ਤਾਂ ਕਿਸਾਨ ਤਿੱਖਾ ਅੰਦੋਲਨ ਕਰਨ ਲਈ ਮਜ਼ਬੂਰ ਹੋਣਗੇ। ਇਸੇ ਦੌਰਾਨ ਸਿੰਚਾਈ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ ਜਿਸ ਮਗਰੋਂ ਕਿਸਾਨਾਂ ਨੇ ਆਪਣਾ ਧਰਨਾ ਮੁਲਤਵੀ ਕਰ ਦਿੱਤਾ।