ਜ਼ਿਲ੍ਹਾ ਪੁਲਿਸ ਟੀਮਾਂ ਨੇ 1 ਜਨਵਰੀ 2026 ਤੋਂ ਲੈ ਕੇ ਹੁਣ ਤੱਕ ਲੱਖਾਂ ਰੁ. ਦੇ ਨਸ਼ੇ ਬਰਾਮਦ ਕੀਤੇ-ਕਮਲਦੀਪ ਗੋਇਲ
ਯਮੁਨਾਨਗਰ, 25 ਅਗਸਤ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਪੁਲਿਸ ਟੀਮਾਂ ਨੇ 1 ਜਨਵਰੀ 2026 ਤੋਂ ਲੈ ਕੇ ਹੁਣ ਤੱਕ ਲੱਖਾਂ ਰੁ. ਦੇ ਨਸ਼ੇ ਬਰਾਮਦ ਕੀਤੇ ਹਨ।
ਯਮੁਨਾਨਗਰ, 25 ਅਗਸਤ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਪੁਲਿਸ ਟੀਮਾਂ ਨੇ 1 ਜਨਵਰੀ 2026 ਤੋਂ ਲੈ ਕੇ ਹੁਣ ਤੱਕ ਲੱਖਾਂ ਰੁ. ਦੇ ਨਸ਼ੇ ਬਰਾਮਦ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਕਿ 1 ਜਨਵਰੀ 2026 ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਕਟ ਤਹਿਤ ਕੁੱਲ 114 ਮਾਮਲੇ ਦਰਜ ਕੀਤੇ ਹਨ ਅਤੇ 212 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਮੇਂ ਦੌਰਾਨ ਜ਼ਿਲ੍ਹਾ ਪੁਲਿਸ ਨੇ ਲੱਖਾਂ ਰੁਪਏ ਦੇ ਨਸ਼ੇ ਜ਼ਬਤ ਕਰਕੇ ਨਸ਼ਾ ਤਸਕਰੀ ਦੀ ਰੀੜ੍ਹ ਦੀ ਹੱਡੀ ਤੋੜਨ ਵਿਚ ਮਹੱਤਵਪੂਰਨ ਸਫ਼ਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਜ਼ਿਲ੍ਹਾ ਪੁਲਿਸ ਨੇ 14 ਕਿਲੋ 60 ਗ੍ਰਾਮ ਅਫੀਮ, 10 ਕਿਲੋ 718 ਗ੍ਰਾਮ ਹਸ਼ੀਸ਼, 6 ਕਿਲੋ 908 ਗ੍ਰਾਮ ਹੈਰੋਇਨ, 814 ਗ੍ਰਾਮ ਭੁੱਕੀ, 35 ਕਿਲੋ ਭੰਗ, 10,000 ਨਸ਼ੀਲੀਆਂ ਗੋਲੀਆਂ ਅਤੇ 19,000 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਹਨ। ਇਹ ਅੰਕੜੇ ਜ਼ਿਲ੍ਹਾ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੇ ਨਸ਼ਾ ਵਿਰੋਧੀ ਸੈੱਲ ਨੂੰ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਲਈ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਨਤਾ ਨਸ਼ਾ ਤਸਕਰੀ ਜਾਂ ਨਸ਼ਾ ਤਸਕਰੀ ਨਾਲ ਸੰਬੰਧਿਤ ਕੋਈ ਵੀ ਜਾਣਕਾਰੀ ਐਂਟੀ-ਨਾਰਕੋਟਿਕ ਸੈੱਲ ਇੰਚਾਰਜ ਦੇ ਮੋਬਾਈਲ ਨੰ. 881800-01789 ‘ਤੇ ਵਟਸਐਪ ਜਾਂ ਐਸ. ਐਮ. ਐਸ. ਰਾਹੀਂ ਦੇ ਸਕਦੀ ਹੈ। ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਅੰਤ ਵਿਚ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਕ ਵਿਸ਼ੇਸ਼ ਅਪੀਲ ਕੀਤੀ, ਜਿਸ ਵਿਚ ਕਿਹਾ ਗਿਆ ਕਿ ਉਹ ਦੇਸ਼ ਦੀ ਸਭ ਤੋਂ ਵੱਡੀ ਸੰਪਤੀ ਹਨ। ਉਨ੍ਹਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਦੀਆਂ ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਿੱਖਿਆ, ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦੇ ਮਾਪਿਆਂ, ਸਮਾਜ ਅਤੇ ਦੇਸ਼ ਦਾ ਨਾਂਅ ਰੌਸ਼ਨ ਹੁੰਦਾ ਹੈ। ਉਨ੍ਹਾਂ ਜਨਤਾ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੇ ਕਿਸੇ ਵੀ ਵਿਅਕਤੀ ਨੂੰ ਜੋ ਨਸ਼ਾ ਕਰਨ ਦਾ ਆਦੀ ਹੈ, ਨਸ਼ਾ ਛੱਡਣ ਲਈ ਉਤਸ਼ਾਹਿਤ ਕਰਨ ਅਤੇ ਲੋੜ ਪੈਣ ‘ਤੇ ਪੁਲਿਸ ਸਹਾਇਤਾ ਲੈਣ।