ਫ੍ਰੀ ਟਰੇਡ ਸਮਝੌਤਾ ਰੱਦ ਨਾ ਹੋਇਆ ਤਾਂ ਕਿਸਾਨ ਅੰਦੋਲਨ ਹੋਰ ਤੇਜ਼ ਕਰਾਂਗੇ -ਨਿਰਭੈ ਰਤੀਆ
8 ਕਿਸਾਨਾਂ, ਖੇਤ ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਲੈ ਕੇ ਭਾਕਿਯੂ (ਏਕਤਾ ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਜਨਰਲ ਮੀਟਿੰਗ
ਟੋਹਾਣਾ, 6 ਸਤੰਬਰ (ਮਨਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਫ਼ਤਿਹਾਬਾਦ ਦੀ ਜ਼ਿਲ੍ਹਾ ਪੱਧਰੀ ਜਨਰਲ ਮੀਟਿੰਗ ਅੱਜ ਟੋਹਾਣਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਭੈ ਰਤੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਟੋਹਾਣਾ, ਰਤੀਆ, ਜਾਖਲ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ ਤੇ ਜਥੇਬੰਦੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਟ
ਟੋਹਾਣਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਭੈ ਰਤੀਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੀ ਤਸਵੀਰ। ਤਸਵੀਰ : ਮਨਜੀਤ ਸਿੰਘ ਟੋਹਾਣਾ
07-09-2026
ਟੋਹਾਣਾ, 6 ਸਤੰਬਰ (ਮਨਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਜ਼ਿਲ੍ਹਾ ਫ਼ਤਿਹਾਬਾਦ ਦੀ ਜ਼ਿਲ੍ਹਾ ਪੱਧਰੀ ਜਨਰਲ ਮੀਟਿੰਗ ਅੱਜ ਟੋਹਾਣਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਭੈ ਰਤੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਟੋਹਾਣਾ, ਰਤੀਆ, ਜਾਖਲ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ ਤੇ ਜਥੇਬੰਦੀ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੂਬਾ ਜਨਰਲ ਸਕੱਤਰ ਅਜੈ ਸਿਧਾਨੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਭਾਰਤ-ਅਮਰੀਕਾ ਫ੍ਰੀ ਟਰੇਡ ਸਮਝੌਤਾ ਰੱਦ ਕਰਨ, ਸਾਰੀਆਂ ਫ਼ਸਲਾਂ ਦੀ ਐੱਮ.ਐੱਸ.ਪੀ. ’ਤੇ ਕਾਨੂੰਨੀ ਗਾਰੰਟੀ ਦੇਣ ਅਤੇ ਡਾ. ਸਵਾਮੀਨਾਥਨ ਕਮਿਸ਼ਨ ਦੀ ਸੀ2+50 ਫ਼ੀਸਦੀ ਸਿਫ਼ਾਰਸ਼ ਅਨੁਸਾਰ ਕਿਸਾਨਾਂ ਨੂੰ ਲਾਹੇਵੰਦ ਭਾਅ ਦੇਣ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੇ ਵਪਾਰਕ ਸਮਝੌਤਿਆਂ ਦਾ ਖੇਤੀਬਾੜੀ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ ’ਤੇ ਮਾੜਾ ਅਸਰ ਪੈ ਸਕਦਾ ਹੈ। ਆਗਾਮੀ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਲਈ ਡੀ.ਏ.ਪੀ. ਤੇ ਯੂਰੀਆ ਖਾਦ ਦੀ ਲੋੜੀਂਦੀ ਮਾਤਰਾ ਵਿੱਚ ਉਪਲਬਧਤਾ ਯਕੀਨੀ ਬਣਾਉਣ, ਖਾਦ ਦੀ ਕਾਲਾਬਾਜ਼ਾਰੀ ਤੇ ਜਮ੍ਹਾਂਖੋਰੀ ਨੂੰ ਰੋਕਣ, ਨਹਿਰਾਂ ਵਿੱਚ ਲੋੜੀਂਦਾ ਪਾਣੀ ਛੱਡਣ ਤੇ ਟੇਲਾਂ ਤੱਕ ਪਾਣੀ ਪਹੁੰਚਾਉਣ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਪੂਰੀ ਕਰਜ਼ਾ ਮੁਕਤੀ ਤੇ ਕੁਦਰਤੀ ਆਫ਼ਤਾਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਢੁੱਕਵਾਂ ਮੁਆਵਜ਼ਾ ਜਲਦ ਜਾਰੀ ਕਰਨ ਦੀ ਮੰਗ ਉਠਾਈ ਗਈ। ਕਿਸਾਨ ਆਗੂਆਂ ਨੇ ਖੇਤੀ ਖੇਤਰ ’ਚ ਬਿਜਲੀ ਪ੍ਰਬੰਧ ਦੇ ਨਿੱਜੀਕਰਨ ਦਾ ਵਿਰੋਧ ਕਰਦਿਆਂ ਕਿਸਾਨਾਂ ਨੂੰ ਲੋੜੀਂਦੀ ਤੇ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਤੇ ਕਿਸਾਨ ਵਿਰੋਧੀ ਬਿਜਲੀ ਕਾਨੂੰਨਾਂ ਤੇ ਨੀਤੀਆਂ ਵਾਪਸ ਲੈਣ ਦੀ ਮੰਗ ਕੀਤੀ। ਅਨਾਜ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ ਤੇ ਫ਼ਸਲਾਂ ਦੀ ਖ਼ਰੀਦ ਸਮੇਤ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ਵਿੱਚ ਹਰਿਆਣਾ ’ਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਗਈ ਤੇ ਸਰਕਾਰ ਤੋਂ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ। ਇਸੇ ਤਰ੍ਹਾਂ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਗੈਸਟ ਅਧਿਆਪਕਾਂ ਦੇ ਅੰਦੋਲਨ ਦੀ ਵੀ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਪੂਰਨ ਹਮਾਇਤ ਦਾ ਐਲਾਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨਿਰਭੈ ਰਤੀਆ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕਰਦੀ ਤੇ ਭਾਰਤ-ਅਮਰੀਕਾ ਫ੍ਰੀ ਟਰੇਡ ਸਮਝੌਤਾ ਰੱਦ ਨਹੀਂ ਕੀਤਾ ਜਾਂਦਾ ਤਾਂ ਫ਼ਤਿਹਾਬਾਦ ਜ਼ਿਲ੍ਹੇ ਵਿੱਚ ਕਿਸਾਨ ਅੰਦੋਲਨ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸਾਨਾਂ, ਖੇਤ ਮਜ਼ਦੂਰਾਂ, ਮੁਲਾਜ਼ਮਾਂ, ਅਧਿਆਪਕਾਂ ਤੇ ਹੋਰ ਮਿਹਨਤਕਸ਼ ਵਰਗਾਂ ਦੇ ਜਾਇਜ਼ ਸੰਘਰਸ਼ਾਂ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ। ਮੀਟਿੰਗ ’ਚ ਝੋਨੇ ਦੀ ਪਰਾਲੀ ਦੇ ਮਸਲੇ ’ਤੇ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਦੀ ਸਾਰੀ ਜ਼ਿੰਮੇਵਾਰੀ ਕਿਸਾਨਾਂ ਦੇ ਸਿਰ ਮੜ੍ਹਨ ਦੀ ਬਜਾਏ ਸਰਕਾਰ ਇਸ ਦਾ ਠੋਸ ਤੇ ਪੱਕਾ ਹੱਲ ਕਰੇ। ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਲੋੜੀਂਦੀ ਮਸ਼ੀਨਰੀ, ਸਾਧਨ ਤੇ ਢੁੱਕਵੀਂ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਮਸਲੇ ਨੂੰ ਲੈ ਕੇ ਐੱਸ . ਡੀ.ਐੱਮ. ਰਤੀਆ, ਤਹਿਸੀਲਦਾਰ ਜਾਖਲ ਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਤਿਹਾਬਾਦ ਨੂੰ ਮੰਗ-ਪੱਤਰ ਸੌਂਪਣ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਜਲਦ ਹੀ ਡਿਪਟੀ ਕਮਿਸ਼ਨਰ ਫ਼ਤਿਹਾਬਾਦ ਤੇ ਐੱਸ.ਡੀ.ਐੱਮ. ਟੋਹਾਣਾ ਨੂੰ ਵੀ ਮੰਗ-ਪੱਤਰ ਦੇਣ ਦਾ ਫ਼ੈਸਲਾ ਲਿਆ ਗਿਆ। ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਤੇ ਕਿਸਾਨ ਕਮੇਟੀਆਂ ਦਾ ਵਿਸਥਾਰ ਕਰਨ ਸਬੰਧੀ ਵੀ ਫ਼ੈਸਲੇ ਕੀਤੇ ਗਏ। ਇਸ ਮੌਕੇ ਜਾਖਲ ਬਲਾਕ ਪ੍ਰਧਾਨ ਰਣਜੀਤ ਸਿੰਘ, ਟੋਹਾਣਾ ਪ੍ਰਧਾਨ ਗੁਰਦਿਆਲ ਸਿੰਘ ਢੇਰ, ਰਤੀਆ ਪ੍ਰਧਾਨ ਅਸ਼ੋਕ, ਰਣਜੀਤ ਢਿੱਲੋਂ, ਗੰਗੂ ਸਿੰਘ, ਪ੍ਰੇਮ ਸਰਪੰਚ, ਕ੍ਰਿਸ਼ਨ ਡਾਂਗਰਾ, ਪਾਲਾ ਰਾਮ, ਰਣਧੀਰ ਤਲਵਾੜੀ, ਧਰਮਵੀਰ ਸਿਧਾਨੀ, ਸਰਦੂਲ ਸਿੰਘ, ਮਾਸ਼ਾ ਸਿੰਘ ਸਮੇਤ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।