ਦੇਸ਼ ਦੇ ਮੁੱਦਿਆਂ ਨੂੰ ਲੈ ਕੇ ‘ਦੇਸ਼ ਬਚਾਓ ਮੋਰਚਾ’ ਬਣਾਇਆ
ਟੋਹਾਣਾ, 15 ਸਤੰਬਰ (ਮਨਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਟੋਹਾਣਾ ਵਿਖੇ ਵੱਖੋ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਲੋਕਾਂ ਅਤੇ ਵਰਗਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਲਈ ‘ਦੇਸ਼ ਬਚਾਓ ਮੋਰਚਾ’ ਬਣਾਇਆ ਗਿਆ ਹੈ, ਜਿਸ ਨਾਲ ਕਰੀਬ 150 ਜਥੇਬੰਦੀਆਂ ਜੁੜ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੋਰਚੇ ਰਾਹੀਂ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ ਸਮੇਤ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਦੇਸ਼ ਪੱਧਰ ’ਤੇ ਉਠਾਇਆ ਜਾਵੇਗਾ।
ਟੋਹਾਣਾ, 15 ਸਤੰਬਰ (ਮਨਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁੱਪ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਅੱਜ ਟੋਹਾਣਾ ਵਿਖੇ ਵੱਖੋ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਮੈਂਬਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਲੋਕਾਂ ਅਤੇ ਵਰਗਾਂ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਲਈ ‘ਦੇਸ਼ ਬਚਾਓ ਮੋਰਚਾ’ ਬਣਾਇਆ ਗਿਆ ਹੈ, ਜਿਸ ਨਾਲ ਕਰੀਬ 150 ਜਥੇਬੰਦੀਆਂ ਜੁੜ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੋਰਚੇ ਰਾਹੀਂ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ ਸਮੇਤ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਦੇਸ਼ ਪੱਧਰ ’ਤੇ ਉਠਾਇਆ ਜਾਵੇਗਾ। ਗੁਰਨਾਮ ਸਿੰਘ ਚੜੂਨੀ ਨੇ ਝੋਨੇ ਦੀ ਖਰੀਦ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਉਹ ਲਗਾਤਾਰ ਮੰਗ ਕਰ ਰਹੇ ਹਨ ਕਿ ਤੁਰੰਤ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜੇ ਤੱਕ ਝੋਨੇ ਦੀ ਫਸਲ ਮੰਡੀਆਂ ਵਿੱਚ ਵੱਡੇ ਪੱਧਰ ’ਤੇ ਨਹੀਂ ਆਈ ਪਰ ਸਰਕਾਰ ਵਲੋਂ ਖਰੀਦ ਦੀਆਂ ਤਿਆਰੀਆਂ ਸਬੰਧੀ ਸਪੱਸ਼ਟਤਾ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਫਸਲ ਸਬੰਧੀ ਪੋਰਟਲ ਖੋਲ੍ਹਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਪੋਰਟਲ ਨਹੀਂ ਖੁੱਲ੍ਹਿਆ। ਉਹ ਇਸ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਝੋਨੇ ਦੀ ਖਰੀਦ ਅਤੇ ਕਿਸਾਨਾਂ ਦੀਆਂ ਹੋਰ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨ ਜਥੇਬੰਦੀ ਵੱਡਾ ਅੰਦੋਲਨ ਕਰਨ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਦੱਸਿਆ ਕਿ ਟੋਹਾਣਾ ਤੋਂ ਬਾਅਦ ਉਹ ਸ਼ਾਹਬਾਦ ਵਿਖੇ ਕਿਸਾਨ ਆਗੂਆਂ ਦੀ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ। ਅਮਰੀਕਾ ਨਾਲ ਵਪਾਰਕ ਸਮਝੌਤੇ ’ਤੇ ਜਤਾਇਆ ਇਤਰਾਜ਼ ਚੜੂਨੀ ਨੇ ਕਿਹਾ ਕਿ ‘ਦੇਸ਼ ਬਚਾਓ ਮੋਰਚੇ’ ਵੱਲੋਂ ਅਮਰੀਕਾ ਨਾਲ ਹੋਣ ਵਾਲੇ ਵਪਾਰਕ ਸਮਝੌਤੇ ਨੂੰ ਵੀ ਮੁੱਖ ਮੁੱਦਾ ਬਣਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਅਜਿਹਾ ਸਮਝੌਤਾ ਹੁੰਦਾ ਹੈ ਤਾਂ ਇਸ ਦਾ ਭਾਰਤੀ ਖੇਤੀਬਾੜੀ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ ਅਤੇ ਖੇਤੀ ਦਾ ਵੱਡਾ ਹਿੱਸਾ ਕੰਪਨੀਆਂ ਦੇ ਹੱਥਾਂ ਵਿੱਚ ਜਾਣ ਦਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਿਹਤ ਸਹੂਲਤਾਂ, ਸਿੱਖਿਆ, ਪਾਣੀਆਂ ਅਤੇ ਬੇਰੁਜ਼ਗਾਰੀ ਵਰਗੇ ਕਈ ਗੰਭੀਰ ਮੁੱਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਨੇਤਾਵਾਂ, ਅਧਿਕਾਰੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਇਲਾਜ ਦੀਆਂ ਸਹੂਲਤਾਂ ਉਪਲਬਧ ਹਨ ਤਾਂ ਆਮ ਲੋਕਾਂ ਨੂੰ ਮਹਿੰਗੇ ਇਲਾਜ ਦਾ ਖਰਚਾ ਆਪਣੀ ਜੇਬ ਵਿੱਚੋਂ ਕਿਉਂ ਚੁੱਕਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੀ ਸਿੱਖਿਆ ਪ੍ਰਣਾਲੀ ਬਣਾਉਣੀ ਚਾਹੀਦੀ ਹੈ, ਜਿੱਥੇ ਅਮੀਰ ਅਤੇ ਗਰੀਬ ਦੋਵਾਂ ਦੇ ਬੱਚਿਆਂ ਨੂੰ ਬਰਾਬਰ ਮਿਆਰ ਦੀ ਸਿੱਖਿਆ ਮਿਲ ਸਕੇ। ਪਾਣੀਆਂ ਅਤੇ ਬੇਰੁਜ਼ਗਾਰੀ ਦਾ ਮੁੱਦਾ ਵੀ ਚੁੱਕਿਆ ਚੜੂਨੀ ਨੇ ਕਿਹਾ ਕਿ ਬਰਸਾਤ ਦੇ ਪਾਣੀ ਦੀ ਸੰਭਾਲ ਵੱਲ ਵੀ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਵੱਡੀ ਮਾਤਰਾ ਵਿੱਚ ਪਾਣੀ ਬਰਬਾਦ ਹੋ ਕੇ ਫਸਲਾਂ ਅਤੇ ਲੋਕਾਂ ਲਈ ਨੁਕਸਾਨ ਦਾ ਕਾਰਨ ਬਣਦਾ ਹੈ, ਜਦਕਿ ਇਸ ਨੂੰ ਸੰਭਾਲ ਕੇ ਸਿੰਚਾਈ ਲਈ ਵਰਤਿਆ ਜਾ ਸਕਦਾ ਹੈ। ਬੇਰੁਜ਼ਗਾਰੀ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹਰ ਨੌਜਵਾਨ ਨੂੰ ਰੁਜ਼ਗਾਰ ਦੇਣ ਵਿੱਚ ਸਮਰੱਥ ਨਹੀਂ ਹੈ ਤਾਂ ਬੇਰੁਜ਼ਗਾਰਾਂ ਲਈ ਬੇਰੁਜ਼ਗਾਰੀ ਭੱਤੇ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। 25 ਨਵੰਬਰ ਨੂੰ ਦੇਸ਼ ਪੱਧਰੀ ਕੁਰਕਸ਼ੇਤਰ ਰੈਲੀ ਦਾ ਸੱਦਾ ਉਨ੍ਹਾਂ ਦੱਸਿਆ ਕਿ ਦੇਸ਼ ਬਚਾਓ ਮੋਰਚੇ ਵੱਲੋਂ ਵੱਖ-ਵੱਖ ਰਾਜਾਂ ਅਤੇ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਦੇਸ਼ ਪੱਧਰ ’ਤੇ ਵੱਡੀ ਰੈਲੀ ਕੁਰਕਸ਼ੇਤਰ ਕੀਤੀ ਜਾ ਰਹੀ ਹੈ, ਜਿਸ ਵਿੱਚ ਕਿਸਾਨਾਂ, ਮਜ਼ਦੂਰਾਂ, ਬੇਰੁਜ਼ਗਾਰਾਂ ਅਤੇ ਹੋਰ ਵਰਗਾਂ ਦੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਵੱਖ-ਵੱਖ ਕਿਸਾਨ ਅਤੇ ਲੋਕ ਜਥੇਬੰਦੀਆਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ ਹੈ। ਸੈਲਰਾਂ ਸੰਬੰਧੀ ਵੀ ਲਾਏ ਗੰਭੀਰ ਦੋਸ਼ ਝੋਨੇ ਦੇ ਸੈਲਰਾਂ ਸਬੰਧੀ ਚੜੂਨੀ ਨੇ ਦੋਸ਼ ਲਗਾਇਆ ਕਿ ਪਿਛਲੇ ਸਾਲ ਝੋਨੇ ਦੀ ਖਰੀਦ ਅਤੇ ਬਾਹਰਲੇ ਰਾਜਾਂ ਤੋਂ ਆਉਣ ਵਾਲੀ ਫਸਲ ਦੇ ਮਾਮਲੇ ਵਿੱਚ ਵੱਡੀਆਂ ਬੇਨਿਯਮੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ’ਤੇ ਸਥਾਨਕ ਪੈਦਾਵਾਰ ਨਾਲੋਂ ਵੱਧ ਝੋਨਾ ਆਉਣ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਰਨਾਲ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਝੋਨੇ ਦੀ ਔਸਤ ਪੈਦਾਵਾਰ ਦੇ ਮੁਕਾਬਲੇ ਬਾਹਰਲੇ ਰਾਜਾਂ ਤੋਂ ਫਸਲ ਲਿਆ ਕੇ ਵੇਚਣ ਦੇ ਮਾਮਲੇ ਵੀ ਸਾਹਮਣੇ ਆਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਸਾਲ ਬਚੇ ਚੌਲਾਂ ਅਤੇ ਖਰੀਦ ਦੇ ਟੀਚੇ ਸਬੰਧੀ ਵੀ ਸਪੱਸ਼ਟ ਜਵਾਬ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਨਵੀਂ ਖਰੀਦ ਕਦੋਂ ਸ਼ੁਰੂ ਹੋਵੇਗੀ, ਇਸ ਸਬੰਧੀ ਕਿਸਾਨਾਂ ਨੂੰ ਅਜੇ ਤੱਕ ਕੋਈ ਠੋਸ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਨੇ ਸਰਕਾਰ ਤੋਂ ਝੋਨੇ ਦੀ ਖਰੀਦ ਪ੍ਰਬੰਧਾਂ ਨੂੰ ਤੁਰੰਤ ਸਪੱਸ਼ਟ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਮੰਗ ਕੀਤੀ। ਇਸ ਸਮੇਂ ਗੁਰਨਾਮ ਸਿੰਘ ਚੜੂਨੀ ਦੇ ਨਾਲ ਜਗਬੀਰ ਸਿੰਘ, ਰਣਜੀਤ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਜ਼ਿਲਾ ਫਤਿਹਾਬਾਦ, ਮਹਿੰਦਰ ਸਿੰਘ ਪਾਰਤਾ, ਗੁਰਜੰਟ ਸਿੰਘ ਪੂਲਿਆਂ ਵਾਲੀ ਕੋਠੀ, ਬਲਵਿੰਦਰ ਸਿੰਘ ਧਾਲੀਵਾਲ, ਮਨਜੀਤ ਸਿੰਘ ਪੂਰਨ ਮਾਜਰਾ ਪ੍ਰਧਾਨ ਪਗੜੀ ਸੰਭਾਲ ਜੱਟਾ ਸੇਵਾ ਸੰਮਤੀ ਬਲਾਕ ਟੋਹਾਣਾ, ਉਦੈ ਸਿੰਘ ਟੋਹਾਣਾ, ਮਹਿੰਦਰ ਸਿੰਘ ਦਮਕੌਰਾ, ਭੀਮ ਸਿੰਘ ਟੋਹਾਣਾ, ਰਾਮ ਫਲ ਖੋਬੜਾ, ਗੁਰਪਾਲ ਸਿੰਘ ਦਮਕੌਰਾ, ਜੁਝਾਰ ਸਿੰਘ ਪੂਰਨ ਮਾਜਰਾ, ਗੁਲਬਾਰ ਸਿੰਘ ਦਮਕੌਰਾ, ਸੁਰਜੀਤ ਸਿੰਘ ਰਹਿਣਵਾਲੀ ਤੋਂ ਇਲਾਵਾ ਕਈ ਸੈਂਕੜੇ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਸ਼ਾਮਿਲ ਹੋਏ।