‘ਸ੍ਰਿਸ਼ਟੀ ਦੀ ਚਾਦਰ’ ਸੈਮੀਨਾਰ ਦੌਰਾਨ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਕੀਤਾ ਯਾਦ
ਨਵੀਂ ਦਿੱਲੀ,27 ਅਕਤੂਬਰ(ਜਗਤਾਰ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਅੰਤਰ ਧਰਮ ਸੈਮੀਨਾਰ ਆਈ. ਐੱਚ.
ਨਵੀਂ ਦਿੱਲੀ,27 ਅਕਤੂਬਰ(ਜਗਤਾਰ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਅੰਤਰ ਧਰਮ ਸੈਮੀਨਾਰ ਆਈ.ਐੱਚ.ਏ.ਫਾਊਂਡੇਸ਼ਨ ਵੱਲੋਂ ਕਰਾਇਆ ਗਿਆ।‘ਸ੍ਰਿਸ਼ਟੀ ਦੀ ਚਾਦਰ’ ਨਾਂਅ ਦੇ ਇਸ ਸੈਮੀਨਾਰ ਨੂੰ ਆਈਜੀਐਨਸੀਏ ਅਤੇ ਦਿੱਲੀ ਕਮੇਟੀ ਨੇ ਵੀ ਸਹਿਯੋਗ ਦਿੱਤਾ । ਸੈਮੀਨਾਰ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦੂਜਿਆਂ ਦੇ ਧਾਰਮਿਕ ਅਧਿਕਾਰਾਂ ਅਤੇ ਆਜ਼ਾਦੀ ਦੀ ਰਾਖੀ ਲਈ ਦਿੱਤੀ ਗਈ ਮਹਾਨ ਸ਼ਹਾਦਤ ਨੂੰ ਯਾਦ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਕਿਸੇ ਇੱਕ ਧਰਮ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ।ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵੱਜੋ ਸ਼ਾਮਲ ਹੋਏ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ਹਾਦਤ ਨੂੰ ਚੇਤਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਧਾਰਮਿਕ ਆਜ਼ਾਦੀ, ਮਨੁੱਖੀ ਮਾਣ-ਸਨਮਾਨ ਅਤੇ ਏਕਤਾ ਦਾ ਸੰਦੇਸ਼ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗ ਦਰਸ਼ਨ ਕਰਦਾ ਰਹੇਗਾ।ਆਈ.ਐੱਚ.ਏ. ਫਾਊਂਡੇਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਆਹਲੂਵਾਲੀਆ ਨੇ ਕਿਹਾ ਕਿ ‘ਸ੍ਰਿਸ਼ਟੀ ਦੀ ਚਾਦਰ’ ਪਹਿਲਕਦਮੀ ਦਾ ਉਦੇਸ਼ ਗੁਰੂ ਸਾਹਿਬ ਦੇ ਸੰਦੇਸ਼ ਨੂੰ ਕਿਸੇ ਇੱਕ ਧਰਮ ਦੀਆਂ ਹੱਦਾਂ ਤੋਂ ਪਰੇ ਲਿਜਾਣਾ ਅਤੇ ਨੌਜਵਾਨ ਪੀੜ੍ਹੀ ਨੂੰ ਸੱਚ, ਨਿਆਂ, ਦਇਆ ਅਤੇ ਹਰ ਮਨੁੱਖ ਦੀ ਆਜ਼ਾਦੀ ਲਈ ਖੜ੍ਹੇ ਹੋਣ ਵਾਸਤੇ ਪ੍ਰੇਰਿਤ ਕਰਨਾ ਹੈ।ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਿਰਫ਼ ਸਿੱਖ ਇਤਿਹਾਸ ਦਾ ਅਹਿਮ ਅਧਿਆਇ ਨਹੀਂ, ਸਗੋਂ ਦੂਜਿਆਂ ਦੇ ਅਧਿਕਾਰਾਂ, ਮਾਣ-ਸਨਮਾਨ ਅਤੇ ਆਜ਼ਾਦੀ ਦੀ ਰਾਖੀ ਕਰਨ ਦਾ ਸਰਬ-ਵਿਆਪੀ ਸੰਦੇਸ਼ ਹੈ।ਸੈਮੀਨਾਰ ਦੇ ਅਕਾਦਮਿਕ ਸੈਸ਼ਨ ਵਿਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਾਬਕਾ ਉਪ-ਕੁਲਪਤੀ ਡਾ. ਜਸਪਾਲ ਸਿੰਘ ਅਤੇ ਸਿੱਖ ਅਧਿਐਨ ਤੇ ਤੁਲਨਾਤਮਿਕ ਧਰਮਾਂ ਦੀ ਵਿਦਵਾਨ ਡਾ. ਸਤੁਤੀ ਮਲਹੋਤਰਾ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਪਰਮਜੀਤ ਸਿੰਘ ਚੰਡੋਕ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।