ਜਲੰਧਰ, 1 ਜਨਵਰੀ (ਚੰਦੀਪ ਭੱਲਾ)- ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਹਲਕੇ ਵਿਚ ਕੋਈ ਵੀ ਵਿਅਕਤੀ ਆਪਣੇ ਪਸ਼ੂ ਸ਼ਰੇਆਮ ਸੜਕਾਂ ਤੇ ਜਨਤਕ ਥਾਵਾਂ 'ਤੇ ਨਹੀਂ ਛੱਡੇਗਾ | ਹੁਕਮਾਂ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁੱਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਅਤੇ ਜਨਤਕ ਥਾਵਾਂ 'ਤੇ ਖੁੱਲ੍ਹੇ ਛੱਡ ਦਿੰਦੇ ਹਨ, ਜਿਸ ਨਾਲ ਸੜਕਾਂ 'ਤੇ ਹਾਦਸੇ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਤੇ ਆਮ ਆਵਾਜਾਈ ਵਿਚ ਵਿਘਨ ਪੈਂਦਾ ਹੈ | ਇਸ ਤੋਂ ਇਲਾਵਾ ਪਸ਼ੂਆਂ ਨੂੰ ਖੁੱਲ੍ਹੀਆਂ ਥਾਵਾਂ 'ਤੇ ਛੱਡਣ ਨਾਲ ਇਹ ਅਕਸਰ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ | ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ |