ਜਲੰਧਰ, 3 ਜਨਵਰੀ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ 'ਪੰਜਾਬ ਸੜਕ ਸਫ਼ਾਈ ਮਿਸ਼ਨ' ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸੰਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ 'ਪੰਜਾਬ ਸੜਕ ਸਫ਼ਾਈ ਮਿਸ਼ਨ' ਤਹਿਤ ਜ਼ਿਲ੍ਹੇ ਵਿਚ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ 'ਚ ਗੋਦ ਲਈਆਂ ਗਈਆਂ ਸੜਕਾਂ ਦੇ ਨਿਯਮਿਤ ਦੌਰੇ ਕਰਨ ਤੇ ਇਨ੍ਹਾਂ ਦੀ ਸੁਚੱਜੇ ਢੰਗ ਨਾਲ ਮੇਨਟੇਨੈਂਸ ਯਕੀਨੀ ਬਣਾਉਣ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ, ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ ਤੇ ਸੁਮਨਦੀਪ ਕੌਰ, ਸੀ.ਐਮ.ਐਫ.ਓ. ਨਵਦੀਪ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ |