ਜਲੰਧਰ, 3 ਜਨਵਰੀ (ਸ਼ਿਵ)- ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸ਼ਹਿਰ ਵਿਚ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਜੋ ਕਿ ਪੰਜਾਬ ਸਰਕਾਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਮੇਅਰ ਵਿਨੀਤ ਧੀਰ, ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ ਸਮੇਤ ਕੈਬਨਿਟ ਮੰਤਰੀ ਨੇ ਕਿਹਾ ਕਿ 21 ਲੱਖ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਪ੍ਰਾਜੈਕਟ ਤਹਿਤ ਸ੍ਰੀ ਗੁਰੂ ਰਵਿਦਾਸ ਚੌਕ ਦੀ ਨੁਹਾਰ ਬਦਲ ਕੇ ਇਸ ਨੂੰ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ | ਚੌਕ ਦੀ ਧਾਰਮਿਕ ਤੇ ਅਧਿਆਤਮਿਕ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਚੌਕ ਲੱਖਾਂ ਸ਼ਰਧਾਲੂਆਂ ਲਈ ਸ਼ਰਧਾ ਦਾ ਕੇਂਦਰ ਹੈ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਮਾਡਲ ਹਾਊਸ ਖੇਤਰ ਵਿਚ ਇੱਕ ਹੋਰ ਵਿਕਾਸ ਪਹਿਲਕਦਮੀ ਦਾ ਨੀਂਹ ਪੱਥਰ ਵੀ ਰੱਖਿਆ, ਜਿੱਥੇ 9 ਲੱਖ ਰੁਪਏ ਦੀ ਲਾਗਤ ਨਾਲ ਦੋ ਸੜਕਾਂ ਬਣਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸੜਕੀ ਪ੍ਰਾਜੈਕਟ ਨਾਲ ਸਥਾਨਕ ਨਿਵਾਸੀਆਂ ਦੀ ਪ੍ਰਮੁੱਖ ਮੰਗ ਪੂਰੀ ਹੋਵੇਗੀ ਅਤੇ ਖੇਤਰ ਵਿਚ ਸੰਪਰਕ ਬਿਹਤਰ ਬਣੇਗਾ |