ਜਲੰਧਰ, 3 ਜਨਵਰੀ (ਚੰਦੀਪ ਭੱਲਾ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜਾਰੀ ਐਕਸ਼ਨ ਹੈਲਪ ਲਾਈਨ ਵਟਸਐਪ ਨੰਬਰ 96462-22555 'ਤੇ ਪ੍ਰਾਪਤ 774 ਸ਼ਿਕਾਇਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕਰਕੇ ਜਿੱਥੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕੀਤੀ ਗਈ ਹੈ ਉੱਥੇ ਨਿਵਾਸੀਆਂ ਵੱਲੋਂ ਵੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਕਸ਼ਨ ਹੈਲਪ ਲਾਈਨ 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਸੰਬੰਧੀ ਅੱਜ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਿਤ ਅਧਿਕਾਰੀਆਂ ਦੇ ਯਤਨਾਂ 'ਤੇ ਤਸੱਲੀ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਹੋਰ ਡੱਟ ਕੇ ਕੰਮ ਕਰਨ ਲਈ ਕਿਹਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਾਲੀ ਪਲਾਟਾਂ ਦੀ ਸਾਫ-ਸਫਾਈ ਸੰਬੰਧੀ ਐਕਸ਼ਨ ਹੈਲਪ ਲਾਈਨ ਵਟਸਐਪ ਨੰਬਰ 'ਤੇ ਪ੍ਰਾਪਤ 473 ਸ਼ਿਕਾਇਤਾਂ ਦਾ ਹੁਣ ਤੱਕ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ ਜਦਕਿ ਪਲਾਟਾਂ ਦੀ ਸਾਫ਼-ਸਫਾਈ ਨਾ ਕਰਵਾਉਣ ਵਾਲੇ ਮਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਉਂਦਿਆਂ 204 ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਤੇ 23 ਮਾਮਲਿਆਂ ਵਿਚ ਰੈੱਡ ਐਂਟਰੀ ਲਈ ਸਿਫ਼ਾਰਿਸ਼ ਕੀਤੀ ਗਈ ਹੈ | ਡਾ. ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਵਿੱਢੀ ਮੁਹਿੰਮ 'ਚ ਪਲਾਟ ਮਾਲਕਾਂ ਵੱਲੋਂ ਵੀ ਸਾਥ ਦਿੱਤਾ ਜਾ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਸਫ਼ਾਈ ਪਸੰਦ ਵਿਅਕਤੀਆਂ ਵੱਲੋਂ ਪਲਾਟਾਂ ਦੀ ਸਫ਼ਾਈ ਕਰਵਾਉਣ ਤੋਂ ਇਲਾਵਾ ਚਾਰਦੀਵਾਰੀਆਂ ਵੀ ਕੀਤੀਆਂ ਜਾ ਰਹੀਆਂ ਹਨ | ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਟੈਲੀਕਾਮ ਤੇ ਇੰਟਰਨੈੱਟ ਦੀ ਸੁਵਿਧਾ ਮੁਹੱਈਆ ਕਰਵਾਉਣ ਵਾਲੀਆਂ ਕੰਪਨੀਆਂ ਦੀਆਂ ਸ਼ਹਿਰ 'ਚ ਲਟਕਦੀਆਂ, ਢਿੱਲੀਆਂ, ਗੈਰ-ਵਰਤੋਂ ਯੋਗ ਤੇ ਖ਼ਰਾਬ ਤਾਰਾਂ ਹਟਾਉਣ ਦੀ ਮੁਹਿੰਮ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਐਕਸ਼ਨ ਹੈਲਪ ਲਾਈਨ ਰਾਹੀਂ ਅਜਿਹੀਆਂ 60 ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਇਆ ਗਿਆ ਹੈ | ਮੀਟਿੰਗ ਵਿਚ ਸਹਾਇਕ ਕਮਿਸ਼ਨਰ (ਯੂ.ਟੀ.) ਮੁਕਿਲਨ ਆਰ, ਸੀ.ਐਮ.ਐਫ.ਓ. ਨਵਦੀਪ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ |