ਜਲੰਧਰ, 5 ਜਨਵਰੀ (ਜਸਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ ਅਤੇ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਲੁਧਿਆਣਾ ਪੁਲਿਸ ਵਲੋਂ ਪੱਤਰਕਾਰਾਂ ਅਤੇ ਆਰ. ਟੀ. ਆਈ. ਕਾਰਕੁੰਨਾਂ ਖਿਲਾਫ ਦਰਜ ਕੀਤੇ ਗਏ ਕੇਸ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਇਸ ਨੂੰ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਖੁਦ ਸਵਾਲ ਪੁੱਛ ਕੇ ਸੱਤਾ 'ਚ ਆਈ ਹੈ, ਅੱਜ ਉਹੀ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਥਾਂ ਉਨ੍ਹਾਂ 'ਤੇ ਕੇਸ ਦਰਜ ਕਰ ਰਹੀ ਹੈ | ਉਨ੍ਹਾਂ ਪੱਤਰਕਾਰਾਂ ਖਿਲਾਫ ਦਰਜ ਕੇਸ ਤੁਰੰਤ ਵਾਪਿਸ ਲਏ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਨੂੰ ਸੱਚਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ | ਸਿੰਘਪੁਰ ਦੋਨਾ ਤੇ ਭਿੰਦੇ ਨੇ ਕਿਹਾ ਕਿ ਜੇਕਰ ਸਰਕਾਰ ਨੇ ਦਰਜ ਕੇਸ ਵਾਪਸ ਨਾ ਲਿਆ ਤਾਂ ਜਥੇਬੰਦੀ ਸੰਯੁਕਤ ਕਿਸਾਨ ਮੋਰਚੇ ਨਾਲ ਸਲਾਹ ਮਸ਼ਵਰੇ ਪਿੱਛੋਂ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ |