ਜਲੰਧਰ, 23 ਜਨਵਰੀ (ਸ਼ੈਲੀ) - ਗੈਂਗਸਟਰਾਂ ਤੇ ਅਪਰਾਧੀ ਅਨਸਰਾਂ ਵਿਰੁੱਧ ਪੁਲਿਸ ਵਲੋਂ ਚਲਾਈ ਗਈ ਮੁਹਿੰਮ ਦੌਰਾਨ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਨਿਰਦੇਸ਼ਾਂ ਹੇਠ ਇੱਕ ਵਿਸ਼ੇਸ਼ ਚੈਕਿੰਗ ਕੀਤੀ | ਚੈਕਿੰਗ ਦੌਰਾਨ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ ਤੇ ਏ.ਡੀ.ਸੀ.ਪੀ. ਆਕਰਸ਼ੀ ਜੈਨ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ | ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਚੈਕਿੰਗ ਦੌਰਾਨ ਜਲੰਧਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਰਹਿਣ ਵਾਲੇ ਕਿਰਾਏਦਾਰਾਂ, ਹੋਟਲਾਂ, ਗੈਸਟ ਹਾਊਸਾਂ ਤੇ ਉੱਥੇ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਅਚਨਚੇਤ ਜਾਂਚ ਕੀਤੀ ਗਈ | ਉਨ੍ਹਾਂ ਦੇ ਪਛਾਣ ਪੱਤਰ, ਕਿਰਾਏ ਦੇ ਦਸਤਾਵੇਜ਼ ਤੇ ਸਬੰਧਤ ਰਿਕਾਰਡ ਦੀ ਵੀ ਜਾਂਚ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਲੁਕੇ ਹੋਏ ਸਮਾਜ ਵਿਰੋਧੀ ਅਨਸਰਾਂ ਦੀ ਪਛਾਣ ਕਰਨਾ ਤੇ ਆਮ ਲੋਕਾਂ ਲਈ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਹੈ |