ਜਲੰਧਰ, 2 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਸ ਨਾਲ ਰਾਜ ਦੇ ਲੋਕਾਂ ਦਾ ਨਿਆਂ ਵਿਵਸਥਾ 'ਚ ਵਿਸ਼ਵਾਸ਼ ਹੋਰ ਮਜ਼ਬੂਤ ਹੋਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਆਸੀ ਬਦਲਾਖੋਰੀ ਤਹਿਤ ਸ. ਮਜੀਠੀਆ ਖਿਲਾਫ ਕਾਰਵਾਈ ਕੀਤੀ ਗਈ ਸੀ ਪਰ ਅਦਾਲਤ ਨੇ ਸ. ਮਜੀਠੀਆ ਵਿਰੁੱਧ ਦਰਜ ਕੀਤੇ ਜਾਇਦਾਦ ਤੋਂ ਵੱਧ ਆਮਦਨ ਦੇ ਝੂਠੇ ਤੇ ਬੇਬੁਨਿਆਦ ਕੇਸ ਦੀ ਇਕ ਤਰ੍ਹਾਂ ਨਾਲ ਫੂਕ ਕੱਢ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਅਦਾਲਤ 'ਚ ਸ. ਮਜੀਠੀਆ ਖਿਲਾਫ ਕੋਈ ਵੀ ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਤੇ ਅੱਜ ਅਦਾਲਤ ਵਲੋਂ ਸ. ਮਜੀਠੀਆ ਨੂੰ ਜ਼ਮਾਨਤ ਦੇ ਆਦੇਸ਼ ਦਿੱਤੇ ਗਏ ਹਨ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਦੀ ਬੁਲੰਦ ਤੇ ਨਿਧੜਕ ਆਵਾਜ਼ ਸ. ਮਜੀਠੀਆ ਨੂੰ ਦਬਾਉਣ ਲਈ ਸਰਕਾਰ ਵਲੋਂ ਪੂਰਾ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਪਰ ਅਦਾਲਤ ਨੇ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ | ਜਥੇਦਾਰ ਮੰਨਣ ਨੇ ਕਿਹਾ ਪੰਜਾਬ ਦੇ ਲੋਕ ਪੰਜਾਬ ਵਿੱਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਹਰ ਪੱਖ ਤੋਂ ਮਜਬੂਤ ਕਰਨਾ ਚਾਹੁੰਦੇ ਹਨ ਪਰ ਦਿੱਲੀ ਦੇ ਕੁੱਝ ਲੋਕਾਂ ਨੇ ਪੰਜਾਬ ਨੂੰ ਤਬਾਹ ਕਰਨ ਲਈ ਜੋ ਪੰਜਾਬ ਵਿੱਚ ਹਾਲਾਤ ਪੈਦਾ ਕੀਤੇ ਉਸ ਨਾਲ ਪੰਜਾਬ ਦੇ ਅਕਸ ਨੂੰ ਵੱਡੀ ਸੱਟ ਵੱਜੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹਾਦਰ ਲੋਕ ਸੂਬਾ ਸਰਕਾਰ ਦੀਆਂ ਅਜਿਹੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਨਾਲ ਸਮਝ ਚੁੱਕੇ ਹਨ ਤੇ ਪੰਜਾਬ ਸਰਕਾਰ ਰਾਜ ਅੰਦਰ ਆਪਣਾ ਭਰੋਸਾ ਗੁਆ ਚੁੱਕੀ ਹੈ |