ਜਲੰਧਰ, 3 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਇਕਬਾਲ ਸਿੰਘ ਢੀਂਡਸਾ ਨੇ ਸੁਪਰੀਮ ਕੋਰਟ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੱਚਾਈ ਦੀ ਜਿੱਤ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਨਾਲ ਪੰਜਾਬ ਸਰਕਾਰ ਦੇ ਮਨਸੂਬਿਆਂ ਨੂੰ ਵੱਡਾ ਝਟਕਾ ਲੱਗਾ ਹੈ ਤੇ ਲੋਕਾਂ ਦਾ ਨਿਆਂ ਵਿਵਸਥਾ 'ਚ ਵਿਸ਼ਵਾਸ਼ ਹੋਰ ਵਧਿਆ ਹੈ | ਸ. ਮਜੀਠੀਆ ਦੀ ਜ਼ਮਾਨਤ 'ਤੇ ਸ. ਇਕਬਾਲ ਸਿੰਘ ਢੀਂਡਸਾ ਨੇ ਸ੍ਰੀ ਅਕਾਲ ਪੁਰਖ ਵਾਹਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਇਨਸਾਫ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਮਾਮਲੇ ਦਰਜ ਕਰਕੇ ਸੰਵਿਧਾਨ ਨੂੰ ਛਿੱਕੇ 'ਤੇ ਟੰਗਣ ਦੀ ਕੋਈ ਕਸਰ ਨਹੀਂ ਛੱਡੀ ਪਰ ਅਦਾਲਤ ਵਲੋਂ ਸ. ਮਜੀਠੀਆ ਨੂੰ ਜ਼ਮਾਨਤ ਦੇਣ ਨਾਲ ਸਰਕਾਰ ਦੇ ਮਨਸੂਬੇ ਫੇਲ੍ਹ ਹੋ ਗਏ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ 'ਤੇ ਝੂਠੇ ਪਰਚੇ ਦਰਜ ਕਰਕੇ ਤੇ ਉਨ੍ਹਾਂ ਨੂੰ ਜੇਲ੍ਹਾਂ 'ਚ ਬੰਦ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ¢