ਜਲੰਧਰ, 4 ਫਰਵਰੀ (ਜਸਪਾਲ ਸਿੰਘ)- ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਅੱਜ ਡਾ. ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਸਭਾ ਦੇ ਸੂਬਾਈ ਦਫ਼ਤਰ ਸ਼ਹੀਦ ਸਰਵਣ ਸਿੰਘ ਚੀਮਾ ਭਵਨ ਗੜ੍ਹਾ, ਜਲੰਧਰ ਵਿਖੇ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਕਿਹਾ ਕਿ ਟਰੇਡ ਯੂਨੀਅਨਾਂ ਵੱਲੋਂ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਧ ਚੜ੍ਹ ਕੇ ਹਿੱਸਾ ਲਵੇਗੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਚਾਰ ਲੇਬਰ ਕੋਡ ਮਜ਼ਦੂਰਾਂ ਦੇ ਹੱਕਾਂ ਉੱਪਰ ਡਾਕਾ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਸਮੂਹ ਕਿਸਾਨਾਂ ਨੂੰ ਇਸ ਹੜਤਾਲ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਬਲਿਕ ਸੈਕਟਰ ਦੀ ਬੰਦ ਪਈ ਸ਼ੇਰੋ ਖੰਡ ਮਿੱਲ ਨੂੰ ਜਲਦੀ ਨਾਲ ਚਾਲੂ ਕੀਤਾ ਜਾਵੇ | ਸਭਾ ਦੇ ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ | ਪਿਛਲੇ ਲੰਮੇ ਸਮੇਂ ਤੋਂ ਘਾਟੇ ਵਿੱਚ ਚੱਲ ਰਹੇ ਖੇਤੀ ਦੇ ਧੰਦੇ ਨੂੰ ਬਚਾਉਣ ਲਈ ਬਜਟ ਵਿੱਚ ਕਿਸਾਨਾਂ ਲਈ ਪੈਸੇ ਰੱਖਣ ਦੀ ਲੋੜ ਸੀ ਪਰ ਸਰਕਾਰ ਨੇ ਪਿਛਲੇ ਬਜਟ ਨਾਲੋ ਵੀ ਘੱਟ ਹਿੱਸਾ ਖੇਤੀ ਲਈ ਰੱਖਿਆ ਹੈ ¢ ਸੂਬਾਈ ਪ੍ਰੈਸ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਦੱਸਿਆ ਕਿ 1 ਮਾਰਚ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਚਾਚਾ ਅਜੀਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ 'ਖੇਤੀਬਾੜੀ ਤੇ ਪਾਣੀ ਦੀ ਸੰਭਾਲ ਸਬੰਧੀ' ਇੱਕ ਸੈਮੀਨਾਰ ਕੀਤਾ ਜਾਵੇਗਾ ਜਿਸ ਦੇ ਮੁੱਖ ਬੁਲਾਰੇ ਡਾ. ਕਾਹਨ ਸਿੰਘ ਪਨੂੰ ਆਈ. ਏ. ਐਸ. ਹੋਣਗੇ ¢