ਸ਼ਾਹਕੋਟ, 22 ਫ਼ਰਵਰੀ (ਬਾਂਸਲ)- ਬੰਦੀ ਸਿੰਘਾਂ ਦੀ ਰਿਹਾਈ ਲਈ ਸਰਬੱਤ ਖਾਲਸਾ ਵੱਲੋਂ ਥਾਪੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਪਿੰਡ ਹਵਾਰਾ ਕਲਾਂ ਵਿਖੇ ਹੋਏ ਚੜ੍ਹਦੀਕਲਾ ਪੰਥਕ ਇਕੱਠ 'ਚ ਸ਼ਿਰਕਤ ਕਰਨ ਵਾਲੀਆਂ ਸਮੂਹ ਪੰਥਕ ਧਿਰਾਂ ਤੇ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਦਾ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਮੰਚ 'ਤੇ ਇਕੱਠਿਆਂ ਹੋਣਾ ਸ਼ਲਾਘਾਯੋਗ ਹੈ¢ ਉਨ੍ਹਾਂ ਕਿਹਾ ਕਿ ਜਿਵੇਂ ਅੱਜ ਸਾਰੀਆਂ ਧਿਰਾਂ ਬੰਦੀ ਸਿੰਘਾਂ ਦੀ ਰਿਹਾਈ ਦੇ ਸਾਂਝੇ ਮਕਸਦ ਲਈ ਇੱਕ ਮੰਚ 'ਤੇ ਆਈਆਂ ਹਨ, ਉਸੇ ਤਰ੍ਹਾਂ ਸਾਰਿਆਂ ਨੂੰ ਆਪਸੀ ਵਖਰੇਵੇਂ ਭੁਲਾ ਕੇ ਵਿਸ਼ਾਲ 'ਪੰਥਕ ਏਕਤਾ' ਲਈ ਵੀ ਪਹਿਲਕਦਮੀ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਮੇਂ ਦੀ ਮੁੱਖ ਮੰਗ ਹੈ ਕਿ ਪੰਥਕ ਧਿਰਾਂ ਇਕਜੁੱਟ ਹੋ ਕੇ ਪੰਥ ਤੇ ਪੰਜਾਬ ਦੇ ਭਲੇ ਲਈ ਕੰਮ ਕਰਨ | ਉਨ੍ਹਾਂ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਕਿਸੇ ਇੱਕ ਧਿਰ ਜਾਂ ਵਿਅਕਤੀ ਵਿਸ਼ੇਸ਼ ਦਾ ਨਹੀਂ, ਸਗੋਂ ਸਮੁੱਚੇ ਪੰਥ ਤੇ ਇਨਸਾਫ਼ ਪਸੰਦ ਲੋਕਾਂ ਦਾ ਸਾਂਝਾ ਮੰਚ ਹੈ | ਉਨ੍ਹਾਂ ਸਖ਼ਤ ਲਹਿਜੇ ਵਿੱਚ ਤਾੜਨਾ ਕਰਦਿਆਂ ਕਿਹਾ ਕਿ ਮੋਰਚੇ ਦੌਰਾਨ ਜਾਂ ਸਟੇਜ ਉੱਤੇ ਜੇਕਰ ਕੋਈ ਵੀ ਵਿਅਕਤੀ ਹੁੱਲੜਬਾਜ਼ੀ ਕਰਦਾ ਹੈ ਜਾਂ ਕਿਸੇ ਵੀ ਤਰ੍ਹਾਂ ਦਾ ਖਲਲ ਪਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਅਜਿਹੀ ਅਨੁਸ਼ਾਸਨਹੀਣਤਾ ਕਰਨ ਵਾਲਾ ਵਿਅਕਤੀ ਕਿਸੇ ਜਥੇਬੰਦੀ ਨਾਲ ਸਬੰਧਤ ਪਾਇਆ ਗਿਆ ਤਾਂ ਉਸ ਦੀ ਸਿੱਧੀ ਤੇ ਮੁਕੰਮਲ ਜ਼ਿੰਮੇਵਾਰੀ ਉਕਤ ਜਥੇਬੰਦੀ ਦੇ ਮੁਖੀ ਦੀ ਹੋਵੇਗੀ | ਭਾਈ ਪਾਲ ਸਿੰਘ ਫਰਾਂਸ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਰਕਾਰਾਂ ਖ਼ਿਲਾਫ਼ ਇਹ ਲੜਾਈ ਬਹੁਤ ਸੰਵੇਦਨਸ਼ੀਲ ਹੈ, ਇਸ ਲਈ ਸੰਘਰਸ਼ ਨੂੰ ਕਾਮਯਾਬ ਕਰਨ ਲਈ ਸਾਰਿਆਂ ਨੂੰ ਪੂਰਨ ਜ਼ਾਬਤੇ ਵਿਚ ਰਹਿਣ ਦੀ ਸਖ਼ਤ ਲੋੜ ਹੈ |