ਜਲੰਧਰ, 25 ਫਰਵਰੀ (ਜਸਪਾਲ ਸਿੰਘ)- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਰਨਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਖਜ਼ਾਨਚੀ ਮਨੋਹਰ ਲਾਲ ਸ਼ਰਮਾ ਤੇ ਸਹਾਇਕ ਸਕੱਤਰ ਗਣੇਸ਼ ਭਗਤ ਨੇ ਦਫਤਰੀ ਮੁਲਾਜ਼ਮਾਂ 'ਤੇ ਲਾਠੀਚਾਰਜ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਦਫ਼ਤਰੀ ਕਰਮਚਾਰੀਆਂ ਵੱਲੋਂ ਆਪਣੀਆਂ ਜਾਇਜ਼ ਹੱਕੀ ਮੰਗਾਂ ਲਈ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਸੀ | ਇਸ ਮੌਕੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਦਫ਼ਤਰੀ ਕਰਮਚਾਰੀਆਂ ਉੱਪਰ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਦੇਣ ਲਈ ਕੇਂਦਰ ਸਰਕਾਰ ਵੱਲੋਂ ਤਨਖਾਹਾਂ ਦਾ 60 ਪ੍ਰਤੀਸ਼ਤ ਫੰਡ ਮਿਲਦਾ ਹੈ ਪਰ ਇਸ ਦੇ ਬਾਵਜੂਦ ਸੂਬਾ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਕੱਟਣ 'ਤੇ ਤੁਲੀ ਹੋਈ ਹੈ ਤੇ ਵਾਰ ਵਾਰ ਵਾਅਦੇ ਕਰਕੇ ਮੁਕਰ ਰਹੀ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਕੱਟਣ ਦੀ ਬਜਾਏ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਆਪਣੇ ਰੱਵਈਏ ਤੋਂ ਟਸਮਸ ਨਹੀਂ ਹੁੰਦੀ ਤਾਂ ਸਾਲ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਵੱਲੋ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ |