ਆਦਮਪੁਰ, 26 ਫਰਵਰੀ (ਰਮਨ ਦਵੇਸਰ)-ਮਾਣ ਭੱਤਾ ਮੋਰਚਾ ਪੰਜਾਬ ਦੇ ਸੱਦੇ 'ਤੇ ਪਹਿਲੀ ਮਾਰਚ ਨੂੰ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਦੇ ਘਰਾਂ ਵੱਲ ਰੋਸ ਮਾਰਚ ਕਰਕੇ ਆਸ਼ਾ ਤੇ ਮਿੱਡ ਤੇ ਮੀਲ ਵਰਕਰਾਂ ਨਾਲ ਚੋਣਾ ਦੌਰਾਨ ਕੀਤੇ ਚੋਣ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਜਲੰਧਰ ਵਿਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਵਿਲ ਰੋਸ ਮਾਰਚ ਕੀਤਾ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੋਤੀ ਪ੍ਰਧਾਨ ਆਦਮਪੁਰ ਬਲਾਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਸ਼ਾ ਤੇ ਮਿੱਡ-ਡੇ-ਮੀਲ ਵਰਕਰਾਂ ਨੂੰ ਭਰੋਸਾ ਦਿੱਤਾ ਸੀ ਕਿ ਉਹਨਾਂ ਨੂੰ ਮਿਲਦਾ ਨਿਗੂਣਾਂ ਮਾਣ ਭੱਤਾ ਦੁੱਗਣਾ ਕੀਤਾ ਜਾਵੇਗਾ | ਵਰਕਰਾਂ ਦੀ ਤਨਖਾਹ ਵਿਚ ਹਰ ਮਹੀਨੇ ਬਣਦਾ ਵਾਧਾ ਕੀਤਾ ਜਾਵੇਗਾ, ਪਰ ਚਾਰ ਸਾਲ ਬਆਦ ਵੀ ਵਰਕਰਾਂ ਦੀਆਂ ਤਨਖਾਹਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ | ਆਗੂਆਂ ਨੇ ਦੋਸ਼ ਲਾਇਆ ਹੈ ਸਰਕਾਰ ਵਲੋਂ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦੀ ਤਨਖਾਹ ਵਿੱਚ ਇੱਕ ਰੁਪਈਆ ਵੀ ਵਾਧਾ ਨਹੀਂ ਕੀਤਾ ਗਿਆ ਬਲਕਿ ਇਸ ਦੇ ਉਲਟ ਕੇਵਲ ਝੂਠੇ ਲਾਰੇ ਲੱਪੇ ਲਗਾ ਕੇ ਮਾਣ ਭੱਤਾ ਵਰਕਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ | ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸੀਤਾ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਸੁਨੀਤਾ ਦੇਵੀ, ਕੁਸ਼ੱਲਿਆ ਦੇਵੀ, ਸਮਰੀਤੀ ਦੇਵੀ, ਆਂਚਲ, ਆਸਮਾ, ਕਵਿਤਾ ਰਾਣੀ ਭੱਟੀ, ਪਰਮਜੀਤ ਕੌਰ ਤੇ ਹੋਰ ਹਾਜ਼ਰ ਸਨ |