ਮਕਸੂਦਾਂ 5 ਮਾਰਚ (ਸੌਰਵ ਮਹਿਤਾ) ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਨੂਰਪੁਰ ਪਿੰਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਦੀ ਸੰਦੇਹਜਨਕ ਹਾਲਾਤਾਂ ਵਿੱਚ ਹੋਈ ਮੌਤ ਤੋਂ ਬਾਅਦ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ | ਘਟਨਾ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪਰਿਵਾਰ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਪ੍ਰਾਰੰਭਿਕ ਜਾਂਚ ਦੌਰਾਨ ਸਕੂਲ ਦੀ ਅਧਿਆਪਕਾ ਤਰਨਜੋਤ ਕੌਰ ਖਿਲਾਫ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ | ਇਸ ਦੇ ਨਾਲ ਹੀ ਸਕੂਲ ਦੇ ਹੋਰ ਕੁਝ ਅਧਿਆਪਕਾਂ ਨੂੰ ਵੀ ਲਾਪਰਵਾਹੀ ਦੇ ਦੋਸ਼ਾਂ ਹੇਠ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ | ਜਾਣਕਾਰੀ ਮੁਤਾਬਕ ਕਰੀਬ ਸੱਤ ਅਧਿਆਪਕਾਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਨਾਲ ਪੁਲਿਸ ਵੱਲੋਂ ਜਲਦੀ ਪੁੱਛਗਿੱਛ ਕੀਤੀ ਜਾ ਸਕਦੀ ਹੈ | ਘਟਨਾ ਤੋਂ ਬਾਅਦ ਪੁਲਿਸ ਨੇ ਮਿ੍ਤਕਾ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ ਅਤੇ ਲਾਸ਼ ਨੂੰ ਮਕਸੂਦਾਂ ਦੇ ਨੇੜਲੇ ਇਕ ਨਿੱਜੀ ਹਸਪਤਾਲ ਵਿੱਚ ਰੱਖਿਆ ਗਿਆ ਸੀ | ਪੁਲਿਸ ਅਧਿਕਾਰੀਆਂ ਵੱਲੋਂ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਜਾਂਚ ਦੇ ਆਧਾਰ 'ਤੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਦੇ ਬਾਵਜੂਦ ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਕਾਰਵਾਈ ਦੀ ਗਤੀ 'ਤੇ ਨਾਰਾਜ਼ਗੀ ਜਤਾਈ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਘਟਨਾ ਨੂੰ ਕਈ ਦਿਨ ਬੀਤ ਚੁੱਕੇ ਹਨ ਪਰ ਮੁੱਖ ਦੋਸ਼ੀ ਮੰਨੀ ਜਾ ਰਹੀ ਅਧਿਆਪਕਾ ਨੂੰ ਹਾਲੇ ਤੱਕ ਕਾਬੂ ਨਹੀਂ ਕੀਤਾ ਗਿਆ | ਪਰਿਵਾਰ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਇਨਸਾਫ ਨਾ ਮਿਲਿਆ ਤਾਂ ਉਹ ਸੜਕਾਂ 'ਤੇ ਉਤਰ ਕੇ ਪ੍ਰਦਰਸ਼ਨ ਕਰਨ ਅਤੇ ਹਾਈਵੇ ਜਾਮ ਕਰਨ ਲਈ ਮਜਬੂਰ ਹੋਣਗੇ | ਇਸ ਮਾਮਲੇ ਸਬੰਧੀ ਥਾਣਾ ਮਕਸੂਦਾਂ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਵਿਦਿਆਰਥਣ ਦੀ ਮੌਤ ਦੇ ਅਸਲ ਕਾਰਣਾਂ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਥਿਤੀ ਪੂਰੀ ਤਰ੍ਹਾਂ ਸਪਸ਼ਟ ਹੋਵੇਗੀ | ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਅਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ |