ਜਲੰਧਰ, 9 ਮਾਰਚ (ਸ਼ੈਲੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸੰਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ ਜਲੰਧਰ ਦੇ ਇਕ ਨਿਵਾਸੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਜੋਤਸ਼ ਦਾ ਕੰਮ ਕਰਦਾ ਹੈ ਅਤੇ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਉਸ ਦੇ ਗੁਆਂਢੀ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਸੀ | ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੇ ਗੁਆਂਂਢੀ ਦੀ ਭੈਣ ਤੇ ਇਲਾਕਾ ਪ੍ਰਧਾਨ ਨਾਲ ਥਾਣਾ ਡਿਵੀਜ਼ਨ ਨੰਬਰ 2 ਗਿਆ, ਜਿਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਵਿਜੈ ਰਾਜ ਉਰਫ਼ ਪਾਲੀ ਵਿਰੁੱਧ ਨਸ਼ੀਲੇ ਪਦਾਰਥਾਂ ਦਾ ਕੇਸ ਦਰਜ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਦੋ ਦਿਨ ਬਾਅਦ ਦੋਸ਼ੀ ਏ. ਐਸ. ਆਈ. ਨੇ ਸ਼ਿਕਾਇਤਕਰਤਾ ਨੂੰ ਫ਼ੋਨ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਉਹ ਪੁਲਿਸ ਸਟੇਸ਼ਨ ਆ ਕੇ ਉਸ ਨੂੰ ਨਹੀਂ ਮਿਲਿਆ ਤਾਂ ਉਸ ਦਾ ਨਾਂਅ ਵੀ ਉਕਤ ਮਾਮਲੇ ਵਿਚ ਸ਼ਾਮਿਲ ਕਰ ਲਿਆ ਜਾਵੇਗਾ | ਇਸ ਤੋਂ ਬਾਅਦ ਜਦੋਂ ਸ਼ਿਕਾਇਤਕਰਤਾ ਦਾ ਛੋਟਾ ਭਰਾ ਤੇ ਇਲਾਕਾ ਪ੍ਰਧਾਨ ਥਾਣਾ ਡਿਵੀਜ਼ਨ ਨੰਬਰ 2 ਵਿਖੇ ਦੋਸ਼ੀ ਏ. ਐਸ. ਆਈ. ਨੂੰ ਮਿਲੇ ਤਾਂ ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਮਾਮਲੇ ਵਿਚ ਨਾ ਫਸਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ | ਸ਼ਿਕਾਇਤਕਰਤਾ ਦੇ ਛੋਟੇ ਭਰਾ ਤੇ ਪ੍ਰਧਾਨ ਦੀ ਬੇਨਤੀ 'ਤੇ ਮੁਲਜ਼ਮ ਨੇ ਰਿਸ਼ਵਤ ਦੀ ਰਕਮ ਘਟਾ ਕੇ 20,000 ਰੁਪਏ ਕਰ ਦਿੱਤੀ | ਮਜਬੂਰੀ ਕਾਰਨ ਉਨ੍ਹਾਂ ਨੇ ਮੌਕੇ 'ਤੇ ਹੀ ਮੁਲਜ਼ਮ ਨੂੰ 10,000 ਰੁਪਏ ਦੇ ਦਿੱਤੇ | ਹਾਲਾਂਕਿ, ਮੁਲਜ਼ਮ ਬਾਕੀ 10,000 ਰੁਪਏ ਰਿਸ਼ਵਤ ਦੀ ਮੰਗ 'ਤੇ ਅੜਿਆ ਰਿਹਾ | ਜਦੋਂ ਉਨ੍ਹਾਂ ਨੇ ਬਾਕੀ ਰਕਮ ਦੇਣ ਵਿਚ ਅਸਮਰੱਥਾ ਪ੍ਰਗਟਾਈ, ਤਾਂ ਮੁਲਜ਼ਮ ਬਾਅਦ ਵਿਚ 8,000 ਰੁਪਏ ਲੈਣ ਲਈ ਸਹਿਮਤ ਹੋ ਗਿਆ | ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਗੱਲਬਾਤ ਰਿਕਾਰਡ ਕਰ ਲਈ | ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ | ਉਸ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਇਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਸੰਬੰਧੀ ਮੁਲਜ਼ਮ ਵਿਰੁੱਧ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |