ਜਲੰਧਰ, 10 ਮਾਰਚ (ਸ਼ੈਲੀ)-ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵਲੋਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੂਹ ਰੈਸਟੋਰੈਂਟ, ਕਲੱਬ ਤੇ ਹੋਰ ਅਜਿਹੀਆਂ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ | ਸ਼ਰਾਬ ਦੀਆਂ ਦੁਕਾਨਾਂ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ | ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਡੀ. ਜੇ., ਲਾਈਵ ਆਰਕੈਸਟਰਾ/ਸਿੰਗਰ ਸਮੇਤ ਆਵਾਜ਼ ਪੈਦਾ ਕਰਨ ਵਾਲੇ ਸਾਰੇ ਸਰੋਤ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ | ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿਚ ਕਿਸੇ ਵੀ ਵਿਅਕਤੀ ਵਲੋਂ ਜਨਤਕ ਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ 'ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿਚ ਤੇ ਹੋਰ ਇਕੱਠ ਵਾਲੀਆਂ ਥਾਵਾਂ ਵਿਚ ਹਥਿਆਰ ਲੈ ਕੇ ਜਾਣ ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਹੋਰ ਹੁਕਮ ਰਾਹੀਂ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਬੁਲਟ ਮੋਟਰਸਾਈਕਲ ਚਲਾਉਂਦੇ ਸਮੇਂ ਸਾਇਲੈਂਸਰ ਵਿਚ ਤਕਨੀਕੀ ਫੇਰਬਦਲ ਕਰਵਾ ਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਪੈਂਦੀਆਂ ਵਾਹਨ ਖੜ੍ਹੇ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ, ਹਸਪਤਾਲ, ਭੀੜ ਵਾਲੇ ਬਾਜ਼ਾਰਾਂ ਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ) ਸੀ. ਸੀ. ਟੀ. ਵੀ. ਕੈਮਰੇ ਲਗਾਏ ਬਿਨ੍ਹਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ | ਸੀ. ਸੀ. ਟੀ. ਵੀ. ਕੈਮਰਿਆਂ ਦੀ 45 ਦਿਨ ਤੱਕ ਦੀ ਰਿਕਾਰਡਿੰਗ ਦੀ ਸੀ. ਡੀ. ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਓਰਿਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿਚ ਜਮ੍ਹਾਂ ਕਰਵਾਈ ਜਾਵੇ | ਪੁਲਿਸ ਕਮਿਸ਼ਨਰ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਕੋਈ ਵੀ ਦੁਕਾਨਦਾਰ/ਦਰਜ਼ੀ, ਸੈਨਿਕ/ਅਰਧ ਸੈਨਿਕ ਬੱਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਖ਼ਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਬਿਨ੍ਹਾਂ ਨਹੀਂ ਵੇਚੇਗਾ | ਵਰਦੀ ਖ਼ਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ, ਜੋ ਸਮਰੱਥ ਅਧਿਕਾਰੀ ਵਲੋਂ ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ ਤਸਦੀਕਸ਼ੁਦਾ ਫੋਟੋ ਕਾਪੀ ਰੱਖੇਗਾ ਤੇ ਖ਼ਰੀਦਣ ਵਾਲੇ ਦਾ ਰੈਂਕ, ਨਾਂਅ, ਪਤਾ, ਫੋਨ ਨੰਬਰ ਤੇ ਤਾਇਨਾਤੀ ਦੇ ਸਥਾਨ ਸੰਬੰਧੀ ਰਿਕਾਰਡ ਰਜਿਸਟਰ 'ਤੇ ਮੇਨਟੇਨ ਕਰੇਗਾ ਅਤੇ ਇਹ ਰਜਿਸਟਰ ਦੋ ਮਹੀਨਿਆਂ ਵਿਚ ਇਕ ਵਾਰ ਸਬੰਧਿਤ ਮੁੱਖ ਥਾਣਾ ਅਫ਼ਸਰ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ 'ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ | ਉਪਰੋਕਤ ਸਾਰੇ ਹੁਕਮ 7 ਮਈ 2026 ਤੱਕ ਲਾਗੂ ਰਹਿਣਗੇ |