ਜਲੰਧਰ, 10 ਮਾਰਚ (ਜਸਪਾਲ ਸਿੰਘ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਮੋਗਾ ਵਿਖੇ 14 ਮਾਰਚ ਨੂੰ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਦਾਅਵਾ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਸਤਨਾਮ ਬਿੱਟਾ ਨੇ ਮੋਗਾ ਵਿਖੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ ਮੀਟਿੰਗ ਤੋਂ ਬਾਅਦ ਕਰਦਿਆਂ ਕਿਹਾ ਕਿ ਇਹ ਰੈਲੀ ਇਕੱਠ ਦੇ ਪੱਖ ਤੋਂ ਇਤਿਹਾਸਿਕ ਹੋਵੇਗੀ | ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਪਾਰਟੀ ਦੇ ਕਿਸਾਨ ਵਿੰਗ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਇਸ ਸੰਬੰਧੀ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਸ੍ਰੀ ਬਿੱਟਾ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਕਿਸਾਨ ਮੋਰਚਾ ਪੰਜਾਬ ਵਲੋਂ ਮੋਗਾ ਭਾਜਪਾ ਦਫਤਰ ਵਿਚ ਭਾਜਪਾ ਪੰਜਾਬ ਕਿਸਾਨ ਮੋਰਚਾ ਦੇ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਪੰਜਾਬ ਭਰ ਤੋਂ ਪਾਰਟੀ ਦੇ ਆਗੂ ਤੇ ਵਰਕਰ ਸ਼ਾਮਿਲ ਹੋਏ | ਇਸ ਮੌਕੇ ਮੀਟਿੰਗ 'ਚ ਸ਼ਾਮਿਲ ਆਗੂਆਂ ਤੇ ਵਰਕਰਾਂ ਨੇ ਰੈਲੀ ਨੂੰ ਸਫਲ ਬਣਾਉਣ ਦਾ ਸੰਕਲਪ ਲਿਆ | ਇਸ ਮੌਕੇ ਸਤਨਾਮ ਬਿੱਟਾ ਨੇ ਕਿਹਾ ਕਿ ਅਮਿਤ ਸ਼ਾਹ ਦੀ ਇਹ ਮੋਗਾ ਰੈਲੀ ਸੂਬੇ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ ਤੇ ਸੂਬਾ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗੀ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਰੈਲੀ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ | ਇਸ ਮੌਕੇ ਕਰਨਪਾਲ ਸਿੰਘ ਗੋਲਡੀ, ਗੁਰਚਰਨ ਸਿੰਘ ਸੰਧੂ, ਜਸਵੰਤ ਸਿੰਘ ਸੁੱਖਲੱਧੀ, ਅਵਤਾਰ ਸਿੰਘ ਡਾਡੀਆ, ਹਰਮਿੰਦਰਸਿੰਘ, ਸੁਖਵੰਤ ਸਿੰਘ ਟਿਲੂ, ਬਲਵੰਤ ਸਿੰਘ, ਜਸ਼ਨਪ੍ਰੀਤ ਸਿੰਘ ਗੋਸਲ, ਬੋਹੜ ਸਿੰਘ ਗਿੱਲ, ਕਰਨੈਲ ਸਿੰਘ ਢਿੱਲੋ, ਜਗਜੀਤ ਸਿੰਘ ਮਿਲਖਾ, ਡਾ. ਅਵਤਾਰ ਸਿੰਘ, ਜਸਵੰਤ ਸਿੰਘ ਨਾਮਧਾਰੀ, ਗੁਰਮੀਤ ਸਿੰਘ ਚਹਿਲ ਤੇ ਹੋਰ ਆਗੂ ਵੀ ਮੌਜੂਦ ਸਨ |