ਜਲੰਧਰ, 28 ਮਾਰਚ (ਚੰਦੀਪ ਭੱਲਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਖੇ ਸਥਿਤ 280 ਦੇ ਕਰੀਬ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ 'ਤੇ ਡੀਜ਼ਲ, ਪੈਟਰੋਲ ਅਤੇ ਲੋੜੀਂਦੀ ਮਾਤਰਾ 'ਚ ਗੈਸ ਦੀ ਲਗਾਤਾਰ ਸਪਲਾਈ ਜਾਰੀ ਹੈ | ਉਨ੍ਹਾਂ ਦੱਸਿਆ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪੈਟਰੋਲ ਤੇ ਗੈਸ ਏਜੰਸੀਆਂ ਨਾਲ ਲਗਾਤਾਰ ਨਿਯਮਤ ਤੌਰ 'ਤੇ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ ਅਤੇ ਜ਼ਿਲ੍ਹੇ 'ਚ ਪੈਟਰੋਲ, ਡੀਜ਼ਲ ਤੇ ਗੈਸ ਦੀ ਕੋਈ ਕਮੀ ਨਹੀਂ ਪਾਈ ਜਾ ਰਹੀ | ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਵਲੋਂ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਜਾਰੀ ਹਦਾਇਤਾਂ ਤਹਿਤ ਕਮਰਸ਼ੀਅਲ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਸਿੱਖਿਆ ਤੇ ਸਿਹਤ ਸੰਸਥਾਵਾਂ ਨੂੰ ਪਹਿਲ ਦੇ ਆਧਾਰ 'ਤੇ ਗੈਸ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਤੇ ਵਿਆਹਾਂ ਦੇ ਮੌਕਿਆਂ 'ਤੇ ਗੈਸ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ 460 ਕਿੱਲੋ ਲੀਟਰ ਪੈਟਰੋਲ ਤੇ 600 ਕਿੱਲੋ ਲੀਟਰ ਡੀਜ਼ਲ ਦੀ ਰੋਜ਼ਾਨਾ ਵਰਤੋਂ ਹੁੰਦੀ ਹੈ ਤੇ ਇਸ ਲਈ ਲੋੜੀਂਦੀ ਮਾਤਰਾ ਵਿਚ ਸਪਲਾਈ ਪਹੁੰਚ ਰਹੀ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਅਤੇ ਘਬਰਾ ਕੇ ਖ਼ਰੀਦਦਾਰੀ ਕਰਨ ਤੋਂ ਗੁਰੇਜ਼ ਕਰਨ | ਉਨ੍ਹਾਂ ਜ਼ਿਲ੍ਹੇ ਦੇ ਪੰਪ ਐਸੋਸੀਏਸ਼ਨਾਂ ਨੂੰ ਵੀ ਅਪੀਲ ਕੀਤੀ ਕਿ ਲੋਕਾਂ ਨੂੰ ਕੇਵਲ ਵਾਹਨਾਂ 'ਚ ਹੀ ਪੈਟਰੋਲ ਤੇ ਡੀਜ਼ਲ ਭਰ ਕੇ ਦਿੱਤਾ ਜਾਵੇ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਛੁੱਟੀ ਵਾਲੇ ਦਿਨਾਂ ਵਿਚ ਵੀ ਸਾਰੀਆਂ ਏਜੰਸੀਆਂ ਨਾਲ ਰਾਬਤਾ ਕਾਇਮ ਰੱਖ ਕੇ ਜਾਇਜ਼ਾ ਲਿਆ ਜਾ ਰਿਹਾ ਹੈ | ਇਸ ਮੌਕੇ ਕੰਟਰੋਲਰ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈਜ਼ ਨਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਜ਼ਰੂਰੀ ਵਸਤਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ ਨੂੰ ਲਾਗੂ ਕੀਤਾ ਜਾ ਚੁੱਕਾ ਹੈ | ਉਨ੍ਹਾਂ ਤਾੜਨਾ ਕੀਤੀ ਕਿ ਜ਼ਰੂਰੀ ਵਸਤਾਂ ਦੀ ਕਾਲਾਬਾਜ਼ਾਰੀ ਤੇ ਗੈਰ ਕਾਨੂੰਨੀ ਢੰਗ ਨਾਲ ਭੰਡਾਰ ਕਰਨ 'ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |