ਜਲੰਧਰ, 3 ਅਪ੍ਰੈਲ (ਐੱਮ. ਐੱਸ. ਲੋਹੀਆ)-ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਵਿਰੱਧ ਲਗਾਤਾਰ ਚਲਾਈ ਜਾ ਰਹੀ ਮੁਹਿੰਮ ਤਹਿਤ ਏ. ਡੀ. ਸੀ. ਪੀ. (ਸਿਟੀ-2) ਰਾਕੇਸ਼ ਯਾਦਵ ਦੀ ਅਗਵਾਈ ਹੇਠ ਪੱਛਮੀ ਸਬ-ਡਵੀਜ਼ਨ ਦੇ ਏ. ਸੀ. ਪੀ. ਆਤਿਸ਼ ਭਾਟੀਆ, ਥਾਣਾ ਭਾਰਗੋ ਕੈਂਪ ਦੇ ਮੁਖੀ ਹਰਜਿੰਦਰ ਸਿੰਘ, ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਜੈਇੰਦਰ ਸਿੰਘ ਅਤੇ ਡਵੀਜ਼ਨ ਨੰਬਰ 5 ਦੇ ਮੁਖੀ ਯਾਦਵਿੰਦਰ ਸਿੰਘ ਰਾਣਾ ਦੇ ਨਾਲ ਪੁਲਿਸ ਮੁਲਾਜ਼ਮਾਂ ਨੇ ਸ਼ਕਤੀ ਨਗਰ ਪਾਰਕ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਕੀਤੀ | ਏ. ਡੀ. ਸੀ. ਪੀ. ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ | ਇਸ ਦੌਰਾਨ 12 ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ | ਵੱਖ-ਵੱਖ ਮਾਮਲਿਆਂ ਤਹਿਤ ਹਿਰਾਸਤ 'ਚ ਲਏ ਇਨ੍ਹਾਂ ਵਿਅਕਤੀਆਂ ਤੋਂ ਬਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਦੱਸਿਆ ਗਿਆ ਹੈ ਕਿ ਕੁਝ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ |