ਕਿਸ਼ਨਗੜ੍ਹ, 6 ਅਪ੍ਰੈਲ (ਹੁਸਨ ਲਾਲ)-ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ, ਹਲਕਾ ਵਿਧਾਇਕ ਬਲਕਾਰ ਸਿੰਘ ਸਾਥੀਆਂ ਸਮੇਤ ਨਤਮਸਤਕ ਹੋਏ ਤੇ ਸੂਬੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਮੌਕੇ ਸੰਤ ਨਿਰੰਜਨ ਦਾਸ ਤੋਂ ਆਸ਼ੀਰਵਾਦ ਲੈਣ ਉਪਰੰਤ ਆਪ ਆਗੂ ਮੁਨੀਸ਼ ਸਿਸੋਦੀਆ ਤੇ ਹਲਕਾ ਵਿਧਾਇਕ ਬਲਕਾਰ ਸਿੰਘ ਵਲੋਂ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਨ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰਸਟ ਵਾਰਾਨਸੀ ਯੂ. ਪੀ. ਨਾਲ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਾਰੇ ਵਿਚਾਰ-ਵਟਾਂਦਰਾ ਵੀ ਕੀਤਾ | ਇਸ ਮੌਕੇ 'ਆਪ' ਆਗੂ ਮੁਨੀਸ਼ ਸਿਸ਼ੋਦੀਆ ਨੇ ਕਿਹਾ ਕਿ ਇਹ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਦੇ ਕੋਨੇ-ਕੋਨੇ ਵਿਚ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਗੁਰੂ ਜੀ ਦੀ ਅਧਿਆਤਮਕ ਅਤੇ ਸਮਾਜਿਕ ਵਿਰਾਸਤ ਨੂੰ ਸੰਭਾਲਣ ਤੇ ਪ੍ਰਚਾਰਨ ਦੀ ਦਿ੍ੜ ਵਚਨਬੱਧਤਾ ਦੁਹਰਾਉਂਦਿਆਂ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਕੇਂਦਰ ਗੁਰੂ ਜੀ ਦੇ ਸੰਦੇਸ਼ ਨੂੰ ਵਿਸ਼ਵ ਪੱਧਰ 'ਤੇ ਲਿਜਾਣ ਵਿਚ ਮੀਲ ਪੱਥਰ ਸਾਬਤ ਹੋਵੇਗਾ | ਉਨ੍ਹਾਂ ਇਸ ਮੌਕੇ ਡੇਰਾ ਸੱਚਖੰਡ ਬੱਲਾਂ ਵਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਸੰਤ ਨਿਰੰਜਨ ਦਾਸ ਵਲੋਂ ਮੁਨੀਸ਼ ਸਿਸੋਦੀਆ, ਵਿਧਾਇਕ ਬਲਕਾਰ ਸਿੰਘ ਤੇ ਉਨ੍ਹਾਂ ਨਾਲ ਆਏ ਸਾਥੀਆਂ ਨੂੰ ਸਨਮਾਨਿਤ ਕੀਤਾ |