ਜੰਡਿਆਲਾ ਮੰਜਕੀ, 7 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)-ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ 'ਚ ਵਿਸ਼ਵ ਸਿਹਤ ਦਿਵਸ 'ਤੇ ਸੈਮੀਨਾਰ ਕਰਵਾਇਆ | ਸੈਮੀਨਾਰ ਦਾ ਆਯੋਜਨ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਲਜ ਇੰਚਾਰਜ ਜਸ਼ਨਜੋਤ ਸਿੰਘ ਜੌਹਲ ਦੀ ਰਹਿਨੁਮਾਈ ਹੇਠ ਤੇ ਐਨ. ਐਸ. ਐਸ. ਵਿਭਾਗ ਦੇ ਸਹਿਯੋਗ ਨਾਲ ਕੀਤਾ | ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਤੇ ਵਿਗਿਆਨਿਕ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਮੁੱਖ ਮਹਿਮਾਨ ਵਜੋਂ ਪੁੱਜੇ ਡਾਕਟਰ ਅਮਿਤਾ ਭਾਰਤੀ (ਮੁੱਢਲਾ ਸਿਹਤ ਕੇਂਦਰ ਜੰਡਿਆਲਾ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਦੌਰ ਵਿਚ ਵੱਧ ਰਹੇ ਪ੍ਰਦੂਸ਼ਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਾਰਨ ਸ਼ੂਗਰ, ਬਲੱਡ ਪ੍ਰੈਸ਼ਰ ਤੇ ਦਿਲ ਦੀਆਂ ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਰੋਜ਼ਾਨਾ ਕਸਰਤ ਕਰਨ, ਪੌਸ਼ਟਿਕ ਭੋਜਨ ਲੈਣ ਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਕਾਲਜ ਇੰਚਾਰਜ ਜੌਹਲ ਨੇ ਕਿਹਾ ਕਿ ਜੀਵਨ ਦੀ ਭੱਜ ਦੌੜ, ਫਾਸਟ ਫੂਡ ਰੁਝਾਨ, ਮਾਨਸਿਕ ਤਣਾਅ ਤੇ ਸਰੀਰਿਕ ਕਸਰਤ ਦੀ ਕਮੀ ਕਾਰਨ ਸਾਨੂੰ ਨਿੱਤ ਨਵੀਆਂ ਬੀਮਾਰੀਆਂ ਨਾਲ ਜੂਝਣਾ ਪੈ ਰਿਹਾ ਹੈ | ਅਜਿਹੇ ਹਾਲਾਤ ਵਿਚ ਸਾਨੂੰ ਆਪਣੇ ਕੁਦਰਤੀ ਵਰਤਾਰੇ ਨੂੰ ਸਾਫ਼ ਸੁਥਰਾ ਰੱਖਣ ਅਤੇ ਸਿਹਤਮੰਦ ਜੀਵਨ ਨੂੰ ਅਪਣਾਉਣ ਦੀ ਲੋੜ ਹੈ | ਉਨ੍ਹਾਂ ਨੇ ਸਿਹਤ ਨੂੰ ਖ਼ਰਾਬ ਕਰਨ ਵਾਲੀਆਂ ਮਾੜੀਆਂ ਆਦਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਮਾਹਰ ਡਾ. ਅਮਿਤਾ ਭਾਰਤੀ ਦੁਆਰਾ ਦਿੱਤੀ ਗਈ ਜਾਣਕਾਰੀ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ | ਸੈਮੀਨਾਰ ਦੌਰਾਨ ਵਿਦਿਆਰਥੀਆਂ ਵਲੋਂ ਸਿਹਤ ਸੰਬੰਧੀ ਜਾਣਕਾਰੀ ਲੈਣ ਤੇ ਮਾਹਿਰ ਡਾਕਟਰ ਦੁਆਰਾ ਸੰਤੁਸ਼ਟੀਜਨਕ ਜਵਾਬ ਦਿੱਤਾ ਗਿਆ | ਸੈਮੀਨਾਰ ਦੌਰਾਨ ਕਾਲਜ ਸਟਾਫ਼ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ | ਸੈਮੀਨਾਰ ਦਾ ਆਯੋਜਨ ਐੱਨ. ਐੱਸ. ਐੱਸ. ਕੋਆਰਡੀਨੇਟਰ ਗੌਰਵ ਸ਼ਰਮਾ ਨੇ ਕੀਤਾ | ਮੰਚ ਸੰਚਾਲਨ ਡਾ. ਤਰਨਪ੍ਰੀਤ ਕੌਰ (ਪੰਜਾਬੀ ਵਿਭਾਗ) ਨੇ ਕੀਤਾ |