ਜਲੰਧਰ, 16 ਅਪ੍ਰੈਲ (ਜਸਪਾਲ ਸਿੰਘ)-ਇੰਗਲੈਂਡ ਦੇ ਸਾਊਥਾਲ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਸੰਬੰਧ 'ਚ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੂੰ ਵਿਸ਼ੇਸ਼ ਤੌਰ 'ਤੇ ਉਨ੍ਹਾਂ ਵਲੋਂ ਧਾਰਮਿਕ ਤੇ ਸਮਾਜਿਕ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸੰਗਤਾਂ ਨੂੰ ਸਮਾਜ ਸੇਵਾ ਨਾਲ ਜੁੜਨ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸੱਚੀ ਸੇਵਾ ਹੈ | ਇਸ ਮੌਕੇ ਗੁਰਦੁਆਰਾ ਸਾਊਥਾਲ ਦੇ ਪ੍ਰਧਾਨ ਸ. ਗੁਰਮੇਲ ਸਿੰਘ ਮੱਲ੍ਹੀ ਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਸਰਪੰਚ, ਸ਼ਰਨਵੀਰ ਸਿੰਘ ਸੰਘਾ ਜਨਰਲ ਸਕੱਤਰ, ਸੁਰਿੰਦਰ ਸਿੰਘ ਢੱਟ ਜਨਰਲ ਸਕੱਤਰ, ਜਰਨੈਲ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਢਿੱਲੋਂ, ਬਲਜੀਤ ਸਿੰਘ ਮੱਲੀ, ਅੰਗਰੇਜ ਸਿੰਘ ਸਿੱਧੂ ਅਤੇ ਰਵਿੰਦਰ ਸਿੰਘ ਖਹਿਰਾ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |