ਫਿਲੌਰ, (ਜਲੰਧਰ), 16 ਅਪ੍ਰੈਲ (ਵਿਪਨ ਗੈਰੀ, ਸਤਿੰਦਰ ਸ਼ਰਮਾ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਐੱਸ.ਸੀ./ਐੱਸ.ਟੀ.ਅੱਤਿਆਚਾਰ ਰੋਕੂ ਐਕਟ-1989 ਸਬੰਧੀ ਪੁਲਿਸ ਅਧਿਕਾਰੀਆਂ ਦੀ ਕਰਵਾਈ ਗਈ ਟਰੇਨਿੰਗ ਵਰਕਸ਼ਾਪ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਵਰਕਸ਼ਾਪ ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪਾਸ ਸਲਾਨਾ ਪੱਧਰ 'ਤੇ ਵੱਡੀ ਗਿਣਤੀ ਵਿਚ ਸ਼ਿਕਾਇਤਾਂ ਪੁੱਜਦੀਆਂ ਹਨ, ਜਿਨ੍ਹਾਂ ਵਿਚ ਪੁਲਿਸ ਵਿਭਾਗ ਨਾਲ ਸਬੰਧਿਤ ਸ਼ਿਕਾਇਤਾਂ ਵੀ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੇ ਜ਼ਮੀਨੀ ਪੱਧਰ 'ਤੇ ਅਤੇ ਤੇਜ਼ੀ ਨਾਲ ਨਿਪਟਾਰੇ ਦੇ ਉਦੇਸ਼ ਨਾਲ ਪੰਜਾਬ ਸਰਕਾਰ, ਐੱਸ.ਸੀ.ਕਮਿਸ਼ਨ ਤੇ ਪੁਲਿਸ ਵਿਭਾਗ ਵੱਲੋਂ ਵਿਸਥਾਰਤ ਚਰਚਾ ਉਪਰੰਤ ਪੁਲਿਸ ਅਧਿਕਾਰੀਆਂ ਦੀ ਟਰੇਨਿੰਗ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਐੱਸ.ਸੀ./ਐੱਸ.ਟੀ.ਅੱਤਿਆਚਾਰ ਰੋਕੂ ਐਕਟ ਬਾਰੇ ਟਰੇਨਿੰਗ ਮੁਹੱਈਆ ਕਰਵਾਈ ਜਾ ਰਹੀ ਹੈ | ਗੜ੍ਹੀ ਨੇ ਕਿਹਾ ਕਿ ਇਸ ਟਰੇਨਿੰਗ ਦਾ ਮਕਸਦ ਐੱਸ.ਸੀ./ਐੱਸ.ਟੀ.ਅੱਤਿਆਚਾਰ ਰੋਕੂ ਐਕਟ ਦੇ ਪ੍ਰਭਾਵਸ਼ਾਲੀ ਅਮਲ ਲਈ ਪੁਲਿਸ ਅਧਿਕਾਰੀਆਂ ਨੂੰ ਇਸ ਕਾਨੂੰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਾ, ਸੰਵੇਦਨਸ਼ੀਲ ਮਾਮਲਿਆਂ ਵਿਚ ਐਕਟ ਅਨੁਸਾਰ ਕਾਰਵਾਈ ਯਕੀਨੀ ਬਣਾਉਣਾ ਅਤੇ ਇਸ ਐਕਟ ਪ੍ਰਤੀ ਜਾਗਰੂਕਤਾ ਵਧਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਸਦਕਾ ਪੁਲਿਸ ਵਿਭਾਗ ਨਾਲ ਸਬੰਧਿਤ ਸ਼ਿਕਾਇਤਾਂ ਨੂੰ ਘੱਟ ਕਰਨ ਵਿਚ ਮਦਦ ਮਿਲੇਗੀ | ਉਨ੍ਹਾਂ ਦੱਸਿਆ ਕਿ ਅੱਜ ਦੇ ਸੈਸ਼ਨ ਵਿਚ 78 ਦੇ ਕਰੀਬ ਡੀ.ਐੱਸ.ਪੀ. ਪੱਧਰ ਦੇ ਪੁਲਿਸ ਅਧਿਕਾਰੀਆਂ ਨੂੰ ਟਰੇਨਿੰਗ ਦਿੱਤੀ ਗਈ | ਇਸ ਤੋਂ ਇਲਾਵਾ ਟਰੇਨਿੰਗ ਸੈਸ਼ਨ ਵਿਚ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੀਨੀਅਰ ਵਕੀਲ ਸਾਹਿਬਾਨ ਵਲੋਂ ਵੀ ਸ਼ਮੂਲੀਅਤ ਕੀਤੀ ਗਈ | ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਕਮਜ਼ੋਰ ਵਰਗ ਦੇ ਨਾਲ-ਨਾਲ ਹਰ ਵਰਗ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਕੇ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਦਾ ਕੰਮ ਪੂਰੀ ਸੰਜੀਦਗੀ ਨਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਰਾਵਾਂ, ਅਧਿਕਾਰਾਂ ਅਤੇ ਸਜ਼ਾਵਾਂ ਬਾਰੇ ਜਾਗਰੂਕ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ |ਟਰੇਨਿੰਗ ਪ੍ਰੋਗਰਾਮ ਵਿਚ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਪੈਸ਼ਲ ਡੀ.ਜੀ.ਪੀ.-ਕਮ-ਡਾਇਰੈਕਟਰ ਅਨੀਤਾ ਪੁੰਜ ਦਾ ਵਿਸ਼ੇਸ਼ ਯੋਗਦਾਨ ਰਿਹਾ |ਟਰੇਨਿੰਗ ਸੈਸ਼ਨ ਦੌਰਾਨ ਵੱਖ-ਵੱਖ ਮਾਹਿਰਾਂ ਵੱਲੋਂ ਐੱਸ.ਸੀ./ਐੱਸ.ਟੀ. ਅੱਤਿਆਚਾਰ ਰੋਕੂ ਐਕਟ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ |