ਜਲੰਧਰ, 18 ਅਪ੍ਰੈਲ (ਜਤਿੰਦਰ ਪੰਮੀ)-ਬਾਗਬਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਸਨਿਚਰਵਾਰ ਨੂੰ ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ | ਇਸ ਦੌਰਾਨ ਉਨ੍ਹਾਂ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ | ਕੈਬਨਿਟ ਮੰਤਰੀ ਦੇ ਨਾਲ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ | ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ੍ਹੇ 'ਚ 28444 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਕਿਸਾਨਾਂ ਨੂੰ 28 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਕਣਕ ਦੀ ਚੁਕਾਈ ਤੇ ਕਿਸਾਨਾਂ ਨੂੰ ਅਦਾਇਗੀ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਣਕ ਦੀ ਅਦਾਇਗੀ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ | ਕੈਬਨਿਟ ਮੰਤਰੀ ਨੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਮੰਡੀਆਂ 'ਚ ਕੀਤੇ ਗਏ ਪ੍ਰਬੰਧਾਂ ਸੰਬੰਧੀ ਵੱਡਮੁੱਲੇ ਸੁਝਾਅ ਵੀ ਲਏ | ਇਸ ਮੌਕੇ ਕਿਸਾਨ ਬਲਕਾਰ ਸਿੰਘ ਤੇ ਚਰਨਜੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਕਣਕ ਦੀ ਖਰੀਦ ਤੇ ਅਦਾਇਗੀ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ |