ਜਲੰਧਰ, 18 ਅਪ੍ਰੈਲ (ਪਵਨ ਖਰਬੰਦਾ)-ਗਰਮੀ ਦਾ ਸੀਜ਼ਨ ਆਉਂਦੇ ਹੀ ਬਿਜਲੀ ਦੇ ਕੱਟ ਲੱਗਣੇ ਸ਼ੁਰੂ ਹੋ ਗਏ ਹਨ ਤੇ ਇਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸਭ ਤੋਂ ਜਿਆਦਾ ਪ੍ਰੇਸ਼ਾਨੀ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਨੂੰ ਹੋ ਰਹੀ ਹੈ, ਜਿੱਥੇ ਦੇਰ ਰਾਤ ਤੱਕ ਬਿਜਲੀ ਨਾ ਆਉਣ ਕਾਰਨ ਲੋਕਾਂ ਨੂੰ ਗਰਮੀ 'ਚ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ | ਇਸ ਸੰਬੰਧੀ ਹਜ਼ਾਰਾ ਪਿੰਡ ਦੇ ਸਰਪੰਚ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਤੇ ਨਾਲ ਲਗਦੇ ਪਿੰਡ ਜੌਹਲਾਂ, ਕੰਗਣਵਾਲ ਤੇ ਹੋਰ ਕਈ ਪਿੰਡਾਂ 'ਚ ਬਿਜਲੀ ਵਿਭਾਗ ਵਲੋਂ ਰੋਜ਼ਾਨਾ ਸ਼ਾਮ 7 ਵਜੇ ਤੋਂ ਲੈ ਕੇ ਦੇਰ ਰਾਤ ਢਾਈ ਵਜੇ ਤੱਕ ਬਿਜਲੀ ਦਾ ਕੱਟ ਲਾਇਆ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਖਾਸ ਤੌਰ 'ਤੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ 24 ਘੰਟੇ ਬਿਜਲੀ ਦੇਣ ਦੇ ਵਾਅਦੇ ਕਰ ਰਹੀ ਹੈ ਤੇ ਦੂਜੇ ਪਾਸੇ ਬਿਜਲੀ ਵਿਭਾਗ ਦੇ ਅਧਿਕਾਰੀ ਰੋਜ਼ਾਨਾਂ ਕੱਟ ਲਾ ਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਕਈ ਵਾਰ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾਂਦੀ ਹੈ ਪ੍ਰੰਤੂ ਉਨ੍ਹਾਂ ਵਲੋਂ ਕੋਈ ਵੀ ਸਪਸ਼ਟ ਜਵਾਬ ਨਹੀਂ ਦਿੱਤਾ ਜਾਂਦਾ, ਜਿਸ ਕਾਰਨ ਪਿੰਡ ਵਾਸੀਆਂ 'ਚ ਰੋਸ ਪਾਇਆ ਜਾ ਰਿਹਾ ਹੈ |