ਜਲੰਧਰ, 20 ਅਪ੍ਰੈਲ (ਜਤਿੰਦਰ ਪੰਮੀ)- ਜ਼ਿਲ੍ਹੇ 'ਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਹਾਈਵੇ ਪ੍ਰਾਜੈਕਟਾਂ ਨਾਲ ਸੰਬੰਧਿਤ ਮੁੱਦਿਆਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਇਨ੍ਹਾਂ ਦਾ ਮੌਕੇ 'ਤੇ ਨਿਪਟਾਰਾ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਬੰਧਿਤ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਅਤੇ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਨਾਲ ਸੰਬੰਧਤ ਮੁੱਦਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ | ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਇਹ ਪ੍ਰਾਜੈਕਟ ਜ਼ਿਲ੍ਹੇ ਦੇ ਵਿਕਾਸ ਲਈ ਬਹੁਤ ਅਹਿਮੀਅਤ ਰੱਖਦੇ ਹਨ, ਜਿਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨ 'ਚ ਕੋਈ ਵੀ ਕਸਰ ਬਾਕੀ ਨਹੀਂ ਰਹਿਣੀ ਚਾਹੀਦੀ | ਡੀ.ਸੀ ਵਾਲੀਆ ਨੇ ਇਨ੍ਹਾਂ ਅਹਿਮ ਪ੍ਰਾਜੈਕਟਾਂ ਨਾਲ ਸੰਬੰਧਤ ਮੁਆਵਜ਼ੇ ਦੀ ਵੰਡ, ਕਬਜ਼ੇ ਦੀ ਪ੍ਰਕਿਰਿਆ ਤੇ ਜ਼ਮੀਨ ਦੇ ਐਵਾਰਡ ਸੰਬੰਧੀ ਬਕਾਇਆ ਮਾਮਲਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ 'ਤੇ ਹੀ ਮੁੱਦਿਆਂ ਦਾ ਨਿਪਟਾਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਬਣਦੀ ਕਾਰਵਾਈ ਅਮਲ 'ਚ ਲਿਆਉਣ ਦੀ ਹਦਾਇਤ ਕੀਤੀ | ਚੱਲ ਰਹੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਨ੍ਹਾਂ ਅਹਿਮ ਪ੍ਰਾਜੈਕਟਾਂ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਮੀਟਿੰਗ 'ਚ ਐੱਸ.ਡੀ. ਅੱੈਮ. ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ ਭੋਗਲ, ਪ੍ਰਾਜੈਕਟ ਡਾਇਰੈਕਟਰ ਐੱਨ.ਐੱਚ.ਏ.ਆਈ. ਪਿ੍ਯੰਕਾ ਮੀਨਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ |