ਜਲੰਧਰ, 20 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਬੇਅਦਬੀ ਸੰਬੰਧੀ ਪੰਜਾਬ ਸਰਕਾਰ ਵਲੋਂ ਬਣਾਏ ਗਏ ਕਾਨੂੰਨ ਨੂੰ ਇਕ ਸ਼ਲਾਘਾਯੋਗ ਤੇ ਇਤਿਹਾਸਿਕ ਕਦਮ ਦੱਸਦੇ ਹੋਏ ਕਿਹਾ ਕਿ ਇਸ ਨਾਲ ਬੇਅਦਬੀ ਦੀਆਂ ਘਟਨਾਵਾਂ 'ਚ ਕਮੀ ਆਵੇਗੀ ਤੇ ਹੁਣ ਕੋਈ ਵੀ ਵਿਅਕਤੀ ਅਜਿਹੀ ਹਿਮਾਕਤ ਨਹੀਂ ਕਰ ਸਕੇਗਾ | ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੇ ਬਣਨ ਨਾਲ ਰਾਜ ਦੇ ਲੋਕਾਂ ਦਾ ਸੰਵਿਧਾਨਕ ਮੁੱਲਾਂ ਅਤੇ ਜਮਹੂਰੀ ਪ੍ਰਣਾਲੀ 'ਚ ਵਿਸ਼ਵਾਸ਼ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਇਸ ਕਾਨੂੰਨ ਦੇ ਲਾਗੂ ਹੋਣ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਧੰਨਵਾਦ ਕੀਤਾ ਹੈ | ਜਥੇਦਾਰ ਰਾਏਪੁਰ ਨੇ ਕਿਹਾ ਕਿ ਇਸ ਕਾਨੂੰਨ ਦੀ ਸਿੱਖ ਕੌਮ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪੂਰਾ ਕਰਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ |