ਕਪੂਰਥਲਾ, 21 ਅਪ੍ਰੈਲ (ਅਮਰਜੀਤ ਕੋਮਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੇ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਵਲੋਂ ਰਿਸਰਚ, ਸਿੱਖਿਆ ਤੇ ਪ੍ਰਸ਼ਾਸਨਿਕ ਕਾਰਜਾਂ ਵਿਚ ਉਨ੍ਹਾਂ ਦੇ ਵਡਮੁੱਲੇ ਯੋਗਦਾਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਯੂਨੀਵਰਸਿਟੀ ਦੀ ਸੈਨੇਟ ਦਾ ਮੈਂਬਰ ਨਿਯੁਕਤ ਕੀਤਾ ਹੈ | ਇੱਥੇ ਵਰਨਣਯੋਗ ਹੈ ਕਿ ਡਾ. ਬਲਦੇਵ ਸਿੰਘ ਢਿੱਲੋਂ ਨੇ ਕਪੂਰਥਲਾ ਵਿਚਲੇ ਕਾਲਜ ਵਿਚ ਪਿ੍ੰਸੀਪਲ ਵਲੋਂ ਅਹੁਦਾ ਸੰਭਾਲਣ ਤੋਂ ਪਹਿਲਾਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਈਆਂ | ਉਹ ਕਾਲਜ ਦੀਆਂ ਵੱਖ-ਵੱਖ ਕਮੇਟੀਆਂ ਦੇ ਕੋਆਰਡੀਨੇਟਰ ਤੇ ਕਨਵੀਨਰ ਵਜੋਂ ਆਪਣੇ ਫ਼ਰਜ਼ ਬਾਖ਼ੂਬੀ ਨਾਲ ਨਿਭਾਏ | ਉਨ੍ਹਾਂ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਚ ਗੁਣਵੱਤਾ ਪੂਰਨ ਸਿੱਖਿਆ ਦੇ ਪ੍ਰਸਾਰ ਲਈ ਮਹੱਤਵਪੂਰਨ ਕਦਮ ਚੁੱਕੇ ਤੇ ਅਕਾਦਮਿਕ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਨਵੇਂ ਉਪਰਾਲੇ ਕੀਤੇ ਗਏ | ਇਸੇ ਦੌਰਾਨ ਕੰਪਿਊਟਰ ਸਾਇੰਸ ਵਿਸ਼ੇ ਸਬੰਧੀ ਉਨ੍ਹਾਂ 25 ਖੋਜ ਪੱਤਰ ਲਿਖੇ ਤੇ ਇਨ੍ਹਾਂ ਪਰਚਿਆਂ ਨੂੰ ਉਨ੍ਹਾਂ ਯੂ.ਐਸ.ਏ., ਇੰਗਲੈਂਡ ਤੇ ਦੇਸ਼ ਦੀਆਂ ਵੱਖ-ਵੱਖ ਖੇਤਰਾਂ ਦੀਆਂ ਕੌਮੀ ਤੇ ਕੌਮਾਂਤਰੀ ਕਾਨਫ਼ਰੰਸਾਂ ਵਿਚ ਪੜਿ੍ਹਆ | ਯੂ.ਜੀ.ਸੀ. ਵਲੋਂ ਮਿਲੀ ਸਪੈਸ਼ਲ ਗ੍ਰਾਂਟ ਅਧੀਨ ਉਨ੍ਹਾਂ ਦੋ ਪ੍ਰੋਜੈਕਟਾਂ 'ਤੇ ਕੰਮ ਕੀਤਾ ਤੇ ਆਪਣੇ ਮਿਸ਼ਨ ਨਾਲ ਸਬੰਧਿਤ 10 ਕਿਤਾਬਾਂ ਲਿਖੀਆਂ | ਕਾਲਜ ਦੀ ਗਵਰਨਿੰਗ ਕੌਂਸਲ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਕਮੇਟੀ ਮੈਂਬਰ, ਕਾਲਜ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀਆਂ ਨੇ ਡਾ. ਬਲਦੇਵ ਸਿੰਘ ਢਿੱਲੋਂ ਦੇ ਯੂਨੀਵਰਸਿਟੀ ਦਾ ਸੈਨੇਟ ਮੈਂਬਰ ਬਣਨ 'ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਤੇ ਆਸ ਪ੍ਰਗਟ ਕੀਤੀ ਕਿ ਉਹ ਆਪਣੇ ਤਜਰਬੇ ਨਾਲ ਯੂਨੀਵਰਸਿਟੀ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਣਗੇ | ਪਿ੍ੰਸੀਪਲ ਡਾ. ਢਿੱਲੋਂ ਨੇ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਚਾਂਸਲਰ ਡਾ. ਕਰਮਜੀਤ ਸਿੰਘ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਂਦਿਆਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਯਤਨਸ਼ੀਲ ਰਹਿਣਗੇ |