ਜਲੰਧਰ, 23 ਅਪ੍ਰੈਲ (ਜਤਿੰਦਰ ਪੰਮੀ)-ਜ਼ਿਲ੍ਹੇ ਵਿਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸੰਬੰਧੀ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਬ ਡਵੀਜ਼ਨ ਪੱਧਰ 'ਤੇ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾਵੇ | ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਜਾਗਰੂਕਤਾ ਤੋਂ ਲੈ ਕੇ ਕਾਰਵਾਈ ਤੱਕ ਬਹੁ-ਪੱਖੀ ਰਣਨੀਤੀ ਅਪਣਾਈ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਵੀ ਮੌਜੂਦ ਸਨ | ਡੀ. ਸੀ. ਵਾਲੀਆ ਨੇ ਐਸ. ਡੀ. ਐਮਜ਼ ਨੂੰ ਸਬ-ਡਵੀਜ਼ਨ ਪੱਧਰ 'ਤੇ ਟਾਸਕ ਫੋਰਸ ਗਠਿਤ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਦੱਸਿਆ ਕਿ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਨੋਡਲ ਤੇ ਕਲਸਟਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ | ਉਲੰਘਣਾ ਪਾਈ ਜਾਣ 'ਤੇ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਐਸ. ਡੀ. ਐਮਜ਼ ਨੂੰ ਹਦਾਇਤ ਕੀਤੀ ਕਿ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਪੱਖੋਂ ਸੰਵੇਦਨਸ਼ੀਲ ਪਿੰਡਾਂ ਦੇ ਦੌਰੇ ਕੀਤੇ ਜਾਣ ਅਤੇ ਕਿਸਾਨਾਂ ਤੇ ਮੁਹਤਬਰਾਂ ਨਾਲ ਰਾਬਤਾ ਕਰਦਿਆਂ ਨਾੜ ਨੂੰ ਅੱਗ ਲਾਉਣ ਨਾਲ ਵਾਤਾਵਰਣ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ | ਮੀਟਿੰਗ 'ਚ ਐਸ. ਡੀ. ਐਮ. ਸ਼ਾਇਰੀ ਮਲਹੋਤਰਾ ਤੇ ਨਵਦੀਪ ਸਿੰਘ, ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ, ਮੁੱਖ ਖੇਤੀਬਾੜੀ ਅਫਸਰ ਜਸਵਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |