ਜਲੰਧਰ, 24 ਅਪ੍ਰੈਲ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਨਾਕੇਬੰਦੀ ਦੌਰਾਨ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ 800 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਮੁਲਜ਼ਮਾਂ ਕੋਲੋਂ ਇਕ ਚਿੱਟੇ ਰੰਗ ਦੀ ਬ੍ਰੀਜਾ ਕਾਰ ਵੀ ਬਰਾਮਦ ਕੀਤੀ ਗਈ ਹੈ, ਜਿਸ ਦੀ ਵਰਤੋਂ ਨਸ਼ਾ ਤਸਕਰੀ ਵਿਚ ਕੀਤੀ ਜਾ ਰਹੀ ਸੀ | ਇਸ ਸੰਬੰਧੀ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਸਰਬਜੀਤ ਸਿੰਘ ਤੇ ਉਨ੍ਹਾਂ ਦੀ ਟੀਮ 22 ਅਪ੍ਰੈਲ ਚੈਕਿੰਗ ਕਰ ਰਹੀ ਸੀ | ਇਸ ਦੌਰਾਨ ਉਨ੍ਹਾਂ ਇਕ ਚਿੱਟੇ ਰੰਗ ਦੀ ਬ੍ਰੀਜਾ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ | ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚ ਸਵਾਰ ਦੋ ਨੌਜਵਾਨਾਂ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮਾਂ ਦੀ ਪਛਾਣ ਜਸਕਰਨ ਸਿੰਘ ਉਰਫ ਕਰਨ ਵਾਸੀ ਤਰਨਤਾਰਨ ਅਤੇ ਸੁਖਦੇਵ ਸਿੰਘ ਉਰਫ ਸੁੱਖਾ ਵਾਸੀ ਤਰਨਤਾਰਨ (ਮੌਜੂਦਾ ਨਿਵਾਸੀ ਅੰਮਿ੍ਤਸਰ) ਵਜੋਂ ਹੋਈ ਹੈ | ਪੁਲਿਸ ਨੇ ਦੋਵਾਂ ਖ਼ਿਲਾਫ਼ ਥਾਣਾ ਬਸਤੀ ਬਾਵਾ ਖੇਲ ਵਿਚ ਐਨ. ਡੀ. ਪੀ. ਐਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ | ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਕਰੀਬ ਛੇ ਮਹੀਨਿਆਂ ਤੋਂ ਨਸ਼ੇ ਦੇ ਧੰਦੇ ਵਿਚ ਸਰਗਰਮ ਸਨ | ਪੁੱਛਗਿੱਛ ਦੌਰਾਨ ਜਸਕਰਨ ਸਿੰਘ ਨੇ ਦੱਸਿਆ ਕਿ ਉਹ 10ਵੀਂ ਤੱਕ ਪੜਿ੍ਹਆ ਹੈ ਤੇ ਡਰਾਈਵਿੰਗ ਦਾ ਕੰਮ ਕਰਦਾ ਸੀ ਪਰ ਕੁਝ ਸਮੇਂ ਤੋਂ ਨਸ਼ਾ ਤਸਕਰੀ ਕਰਨ ਲੱਗ ਪਿਆ | ਇਸੇ ਤਰ੍ਹਾਂ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਨੇ 8ਵੀਂ ਤੱਕ ਪੜ੍ਹਾਈ ਕੀਤੀ ਹੈ ਅਤੇ ਪਹਿਲਾਂ ਡੇਅਰੀ ਦਾ ਕੰਮ ਕਰਦਾ ਸੀ ਪਰ ਬਾਅਦ ਵਿਚ ਉਹ ਵੀ ਇਸ ਗੈਰ-ਕਾਨੂੰਨੀ ਧੰਦੇ ਨਾਲ ਜੁੜ ਗਿਆ | ਪੁਲਿਸ ਕਮਿਸਨਰ ਧੰਨਪ੍ਰੀਤ ਕੌਰ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਦਾ ਹਾਲੇ ਤੱਕ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ ਪਰ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ | ਦੋਵੇਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ |